ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਹੋਈਆਂ ਲਹਿਰਾਂ-ਬਹਿਰਾਂ

ਨਹਿਰਾਂ ਤੇ ਸੂਇਆਂ ਤੋਂ ਫ਼ਸਲਾਂ ਦੀ ਬਿਜਾਈ ਲਈ ਖੇਤਾਂ ਵਿੱਚ ਸਮੇਂ ਸਿਰ ਪਹੁੰਚਿਆ ਨਹਿਰੀ ਪਾਣੀ

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਖਾਸ ਉਪਰਾਲੇ ਦੀ ਭਰਵੀਂ ਸ਼ਲਾਘਾ

ਗੁਰਦਾਸਪੁਰ, 28 ਜੂਨ 2023 ( ਦੀ ਪੰਜਾਬ ਵਾਇਰ) । ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹੱਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾ ਜਾ ਰਹੀ ਹੈ। ਇਸ ਵਾਰ ਖੇਤਾਂ ਵਿੱਚ ਨਹਿਰੀ ਪਾਣੀ ਦੀਆਂ ਲਹਿਰਾਂ-ਬਹਿਰਾਂ ਤੋਂ ਕਿਸਾਨ ਬਹੁਤ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਡੇਰਾ ਬਾਬਾ ਨਾਨਕ ਨੇੜਲੇ ਪਿੰਡ ਸਿੰਘਪੁਰਾ ਦੇ ਕਿਸਾਨ ਅਵਤਾਰ ਸਿੰਘ ਰੰਧਾਵਾ ਨੇ ਕਿਹਾ ਕਿ ਕਈ ਸਾਲਾਂ ਬਾਅਦ ਇਸ ਵਾਰ ਉਨ੍ਹਾਂ ਦੇ ਖੇਤਾਂ ਤੱਕ ਸਮੇਂ ਸਿਰ ਪੂਰਾ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਹੀ ਸਮੇਂ ਨਹਿਰੀ ਪਾਣੀ ਆਉਣ ਕਰਕੇ ਉਨ੍ਹਾਂ ਨੇ ਸਮੇਂ ਸਿਰ ਝੋਨੇ ਦੀ ਬਿਜਾਈ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਟਿਊਬਵੈੱਲ ਰਾਹੀਂ ਆਪਣੇ ਖੇਤਾਂ ਨੂੰ ਪਾਣੀ ਦੇਣਾ ਪੈਂਦਾ ਸੀ ਪਰ ਇਸ ਵਾਰ ਨਹਿਰੀ ਪਾਣੀ ਆਉਣ ਕਾਰਨ ਉਨ੍ਹਾਂ ਨੂੰ ਟਿਊਬਵੈੱਲ ਚਲਾਉਣ ਦੀ ਲੋੜ ਹੀ ਨਹੀਂ ਪਈ ਹੈ। ਕਿਸਾਨ ਅਵਤਾਰ ਸਿੰਘ ਰੰਧਾਵਾ ਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।

ਏਸੇ ਤਰਾਂ ਹੀ ਪਿੰਡ ਸ਼ਾਹਪੁਰ ਜਾਜਨ ਦੇ ਕਿਸਾਨ ਅਵਤਾਰ ਸਿੰਘ ਨੇ ਵੀ ਖੇਤਾਂ ਲਈ ਨਹਿਰੀ ਪਾਣੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਕਿਸਾਨ ਅਵਤਾਰ ਸਿੰਘ ਨੇ ਕਿਹਾ ਕਿ ਨਹਿਰੀ ਪਾਣੀ ਮਿਲਣ ਨਾਲ ਜਿਥੇ ਬਿਜਲੀ ਦੀ ਬੱਚਤ ਹੋਵੇਗੀ, ਓਥੇ ਧਰਤੀ ਹੇਠਲੇ ਪਾਣੀ ਦਾ ਬਚਾਅ ਵੀ ਹੋਵੇਗਾ। ਉਨ੍ਹਾਂ ਕਿਹਾ ਤੇਜ਼ੀ ਨਾਲ ਡਿੱਗ ਰਹੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਸਿੰਚਾਈ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੇ ਪੁਰਾਣੇ ਖਾਲ਼ਾਂ ਨੂੰ ਵੀ ਬਹਾਲ ਕੀਤਾ ਜਾ ਰਿਹਾ ਹੈ ਜੋ ਸਰਕਾਰ ਦਾ ਸਵਾਗਤਯੋਗ ਫ਼ੈਸਲਾ ਹੈ।

Exit mobile version