ਡਿਪਟੀ ਕਮਿਸ਼ਨਰ ਨੇ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ

DC GSP

ਸਾਰੇ ਸ਼ਹਿਰਾਂ ਵਿੱਚ ਮੱਛਰਾਂ ਦੀ ਰੋਕ-ਥਾਮ ਲਈ ਫੌਗਿੰਗ ਕਰਨ ਦੇ ਹੁਕਮ

ਬਟਾਲਾ, 26 ਸਤੰਬਰ ( ਮੰਨਨ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਜ਼ੂਮ ਐਪਲੀਕੇਸ਼ਨ ਦੇ ਜਰੀਏ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਪਰੋਕਤ ਸ਼ਹਿਰਾਂ ਤੇ ਕਸਬਿਆਂ ਦੇ ਵਸਨੀਕਾਂ ਨੇ ਆਪਣੇ ਸਥਾਨਕ ਮਸਲਿਆਂ ਦੇ ਹੱਲ ਲਈ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ।

ਡਿਪਟੀ ਕਮਿਸ਼ਨਰ ਜਨਾਬ ਮਹੁੰਮਦ ਇਸ਼ਫ਼ਾਕ ਨੇ ਲੋਕਾਂ ਦੀ ਮੁਸ਼ਕਲਾਂ ਸੁਣਦਿਆਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਮਸਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਮੁੱਦੇ ਅੱਜ ਦੀ ਮੀਟਿੰਗ ਵਿੱਚ ਉਠਾਏ ਗਏ ਹਨ ਉਨ੍ਹਾਂ ਉੱਪਰ ਹੋਈ ਕਾਰਵਾਈ ਜਾਂ ਕਾਰਗੁਜ਼ਾਰੀ ਬਾਰੇ ਅਗਲੇ ਸ਼ਨੀਵਾਰ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੈਗੂਲਰ ਤੌਰ ’ਤੇ ਸ਼ਹਿਰਾਂ ਵਿੱਚ ਫੌਗਿੰਗ ਅਤੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕਰਨ ਤਾਂ ਜੋ ਡੇਂਗੂ ਅਤੇ ਮਲੇਰੀਆ ਦੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਿਆ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਜਾਰੀਆਂ ਸਲਾਹਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਵਾਇਰਸ ਦਾ ਕੋਈ ਲੱਛਣ ਦਿਖਾਈ ਦਿੰਦਾ ਹੈ ਤਾਂ ਉਹ ਬਿਨ੍ਹਾਂ ਕਿਸੇ ਦੇਰੀ ਤੁਰੰਤ ਆਪਣਾ ਕੋਵਿਡ-19 ਦਾ ਟੈਸਟ ਕਰਵਾਏ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ, 6 ਫੁੱਟ ਦੀ ਸਮਾਜਿਕ ਦੂਰੀ ਕਾਇਮ ਰੱਖੀ ਜਾਵੇ ਅਤੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਚੰਗੀ ਤਰਾਂ ਧੋਤਾ ਜਾਵੇ।

ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ. ਵਾਲੀਆਂ ਕੰਬਾਇਨਾਂ ਦੇ ਜਰੀਏ ਹੀ ਕਰਵਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਹਰ ਰੋਜ਼ ਸਵੇਰੇ 9 ਵਜੇ ਖਰੀਦ ਸਬੰਧੀ ਹੁੰਦੀ ਆਨ-ਲਾਈਨ ਮੀਟਿੰਗ ਵਿੱਚ ਆਪਣੀ ਮੁਸ਼ਕਲ ਦੱਸ ਸਕਦਾ ਹੈ।

FacebookTwitterEmailWhatsAppTelegramShare
Exit mobile version