ਕਿਸਾਨੀ ਸੰਘਰਸ਼ ਦੇ ਨਾਂ ਤੇ ਸਿਆਸੀ ਰੋਟੀਆਂ ਸੇਕਣ ਵਾਲੇ ਦੇਸ਼ ਅਤੇ ਕਿਸਾਨੀ ਦੇ ਹਿੱਤ ਵਿੱਚ ਨਹੀਂ: ਬੁੱਟਰ

Yadwinder Butter

(ਮੋਦੀ ਸਰਕਾਰ ਅਤੇ ਕਿਸਾਨਾਂ ਦੇ ਮਿਲ-ਬੈਠਣ ਨਾਲ਼ ਹੀ ਹੋਵੇਗਾ ਮਸਲੇ ਦਾ ਹੱਲ)

ਬਟਾਲਾ 9 ਮਾਰਚ:- ਕਿਸਾਨੀ ਸੰਘਰਸ਼ ਦੇ ਨਾਂ ਤੇ ਸਿਆਸੀ ਰੋਟੀਆਂ ਸੇਕਣ ਵਾਲੇ ਲੋਕ ਦੇਸ਼ ਅਤੇ ਕਿਸਾਨੀ ਦੇ ਹਿੱਤ ਵਿੱਚ ਨਹੀਂ ਹਨ ਇਸ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਜਿਹੇ ਲੋਕਾਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਹੋ ਕੇ ਕਿਸਾਨੀ ਅਤੇ ਦੇਸ਼ ਦੇ ਹਿੱਤ ਲਈ ਕੇਂਦਰ ਸਰਕਾਰ ਨਾਲ ਬੈਠ ਕੇ ਮਸਲੇ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਦੇਸ਼ ਵਿਰੋਧੀ ਤਾਕਤਾਂ ਅਤੇ ਸਿਆਸੀ ਲੋਕਾਂ ਦੀ ਘੁਸਪੈਠ ਹੋ ਚੁੱਕੀ ਹੈ ਜੋ ਭੋਲੇ ਭਾਲੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਅੰਦੋਲਨ ਦੀ ਆੜ ਵਿਚ ਦੇਸ਼ ਦਾ ਮਾਹੌਲ ਅਤੇ ਭਾਰਤੀ ਜਨਤਾ ਪਾਰਟੀ ਦਾ ਅਕਸ ਖ਼ਰਾਬ ਕਰਨ ਦੀਆਂ ਵਿਉਂਤਾਂ ਬਣਾ ਰਹੇ ਹਨ। ਉਨ੍ਹਾਂ ਦੇ ਚਿਹਰੇ ਕੁਝ ਸੂਬਿਆਂ ਖਾਸ ਕਰਕੇ ਜਿਨ੍ਹਾਂ ਵਿਚ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਹਨ ਵਿਚ ਹੋਈਆਂ ਮਹਾਂ ਪੰਚਾਇਤਾਂ ਵਿੱਚ ਸਰਕਾਰੀ ਮਸ਼ੀਨਰੀ ਨਾਲ ਕੀਤੇ ਵੱਡੇ ਇਕੱਠਾਂ ਵਿੱਚ ਜਾ ਕੇ ਕੀਤੀਆਂ ਤਕਰੀਰਾਂ ਤੋਂ ਜੱਗ ਜਾਹਿਰ ਹੋਏ ਹਨ।

 ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਨੂੰ ਗੁਲਾਮੀ ਤੋਂ ਕੱਢਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਰਕਾਰ ਵੱਲੋਂ ਵਾਰ ਵਾਰ ਕਿਹਾ ਗਿਆ ਹੈ ਕਿ ਨਾ ਤਾਂ ਐੱਮ.ਐੱਸ.ਪੀ ਖ਼ਤਮ ਕੀਤੀ ਜਾ ਰਹੀ ਹੈ ਅਤੇ ਨਾ ਹੀ ਮੰਡੀਆਂ ਨੂੰ ਤੋੜਿਆ ਜਾ ਰਿਹਾ ਹੈ ਪਰ ਫਿਰ ਵੀ ਕੁਝ ਲੋਕ ਇਸ ਨੂੰ ਗ਼ਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਸ. ਬੁੱਟਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਪਰ ਇਸ ਦੇ ਉਲਟ ਮੋਦੀ ਸਰਕਾਰ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜੋ ਇਤਿਹਾਸਕ ਕਾਰਜ ਕੀਤੇ ਹਨ ਉਹ ਆਪਣੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਟੀਮ ਕਿਸਾਨਾਂ ਦੇ ਨਾਲ ਬੈਠ ਕੇ ਇਸ ਮਸਲੇ ਦੇ ਹੱਲ ਕੱਢਣ ਲਈ ਤਿਆਰ ਬੈਠੀ ਹੈ ਇਸ ਲਈ ਕਿਸਾਨਾਂ ਨੂੰ  ਸਿਆਸੀ ਅਤੇ ਦੇਸ਼ ਵਿਰੋਧੀ ਤਾਕਤਾਂ ਤੋਂ ਖਹਿੜਾ ਛੁਡਾ ਕੇ ਗੱਲਬਾਤ ਰਾਹੀਂ ਇਸ ਮਸਲੇ ਦੇ ਹੱਲ ਲਈ ਅਗਾਂਹ ਹੱਥ ਵਧਾਉਣਾ ਚਾਹੀਦਾ ਹੈ। 

FacebookTwitterEmailWhatsAppTelegramShare
Exit mobile version