ਵਿਆਹ ਪੁਰਬ ਮੌਕੇ ਸਿਹਤ ਵਿਭਾਗ ਵੱਲੋਂ ਬਟਾਲਾ ਦੇ ਸਿਵਲ ਹਸਪਤਾਲ ਦੀ ਬੇਹਤਰੀ ਸਬੰਧੀ ਕੀਤਾ ਜਾਵੇਗਾ ਵੱਡਾ ਐਲਾਨ – ਅਸ਼ਵਨੀ ਸੇਖੜੀ

ਚੇਅਰਮੈਨ ਅਸ਼ਵਨੀ ਸੇਖੜੀ ਨੇ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਬਟਾਲਾ, 6 ਸਤੰਬਰ (  ਮੰਨਨ ਸੈਣੀ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਐਲਾਨ ਕੀਤਾ ਹੈ ਕਿ 13 ਸਤੰਬਰ ਨੂੰ ਵਿਆਹ ਪੁਰਬ ਵਾਲੇ ਦਿਨ ਸਿਹਤ ਵਿਭਾਗ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਨੂੰ ਲੈ ਕੇ ਵੱਡੀ ਅਨਾਊਂਸਮੈਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਪ੍ਰਗਟਾਵਾ ਚੇਅਰਮੈਨ ਅਸ਼ਵਨੀ ਸੇਖੜੀ ਨੇ ਸ਼ਹਿਰ ਦੀ ਖਿਡਾਉਣਿਆਂ ਵਾਲੀ ਗਲੀ, ਸੇਖੜੀਆਂ ਮੁਹੱਲਾ ਅਤੇ ਸ੍ਰੀ ਹਰਗੋਬਿੰਦਪੁਰ ਰੋਡ ਦੇ ਸੂਏ ਨਾਲ ਰੋਡ ਦੇ ਨਿਰਮਾਣ ਸ਼ੁਰੂ ਕਰਵਾਉਣ ਦੇ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਖਰਚ ਕੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਬਕਾਇਆ ਵਿਕਾਸ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮੁਰਤ ਯੋਜਨਾ ਤਹਿਤ ਸ਼ਹਿਰ ਵਿੱਚ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਜਿਸ ਦੀ ਬਟਾਲਾ ਵਾਸੀਆਂ ਨੂੰ ਵੱਡੀ ਸਹੂਲਤ ਹੋਵੇਗੀ।

ਚੇਅਰਮੈਨ ਸੇਖੜੀ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕਰਨ ਅਤੇ ਕੰਮ ਦੀ ਗੁਣਵਤਾ ਵਿੱਚ ਕੋਈ ਕਮੀਂ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਇਸਨੂੰ ਵਿਕਸਤ ਅਤੇ ਖੂਬਸੂਰਤ ਬਣਾਉਣ ਵਿੱਚ ਰਾਜ ਸਰਕਾਰ ਵੱਲੋਂ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

FacebookTwitterEmailWhatsAppTelegramShare
Exit mobile version