ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਪੰਜਾਬੀਆਂ ਨੂੰ ਸੂਬੇ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਲੀਹ ਤੋਂ ਲਾਹੁਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੀ ਅਪੀਲ

ਚੰਡੀਗੜ੍ਹ, 4 ਜੂਨ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

FacebookTwitterEmailWhatsAppTelegramShare
Exit mobile version