ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਏਜੰਸੀ ਹੋਣ ਕਾਰਨ ਪੰਜਾਬ ਪੁਲਿਸ ਨੇ ਇਹ ਕੇਸ ਉਨ੍ਹਾਂ ਨੂੰ ਸੌਂਪਣ ਦਾ ਲਿਆ ਫੈਸਲਾ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 7 ਜੁਲਾਈ ( ਦ ਪੰਜਾਬ ਵਾਇਰ)। ਫਰੀਦਕੋਟ ਦੇ ਡੀਐਸਪੀ ਲਖਵੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਕੇਸ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੇਸ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਏਜੰਸੀ ਹੈ , ਇਸ ਲਈ ਉਕਤ ਮਾਮਲੇ ਦੀ ਅਗਲੇਰੀ ਜਾਂਚ ਕਰਨ ਲਈ ਬਿਊਰੋ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
ਡੀਐਸਪੀ ਲਖਵੀਰ ਸਿੰਘ ਨੂੰ ਤਰਨਤਾਰਨ ਪੁਲਿਸ ਨੇ ਬੁੱਧਵਾਰ ਨੂੰ ਤਰਨਤਾਰਨ ਤੋਂ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰ ਵਿੱਚ ਨਾਮਜ਼ਦ ਨਾ ਕਰਨ ਲਈ ਇੱਕ ਨਸ਼ਾ ਤੱਸਕਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ।
ਇਹ ਗੱਲ ਉਦੋ ਸਾਹਮਣੇ ਆਈ ਜਦੋਂ ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੌੜ ਨੇੜੇ ਇੱਕ ਪੈਟਰੋਲ ਪੰਪ ਤੋਂ ਪਿਸ਼ੋਰਾ ਸਿੰਘ ਨਾਮੀ ਨਸ਼ਾ ਤੱਸਕਰ ਪਾਸੋਂ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਣੇ ਗ੍ਰਿਫਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ 30 ਜੂਨ 2022 ਨੂੰ ਦਰਜ ਐਫਆਈਆਰ ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਪੁਲਿਸ ਨੇ 9.97 ਲੱਖ ਰੁਪਏ ਵੀ ਬਰਾਮਦ ਕੀਤੇ ਸਨ, ਜੋ ਕਿ ਕਥਿਤ ਤੌਰ ‘ਤੇ ਰਿਸ਼ਵਤ ਸੀ।