ਬਟਾਲਾ ਦੇ ਹਾਥੀ ਗੇਟ, ਠਠਿਆਰੀ ਗੇਟ ਅਤੇ ਖੰਡਾ ਖੋਲ੍ਹਾ ਮੁਹੱਲੇ ਦੇ ਵਸਨੀਕਾਂ ਕੋਲੋਂ ਨਕਲੀ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਫੀਡਬੈਕ ਹਾਸਲ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਗਰੂਕ

ਬਟਾਲਾ, 26 ਜੁਲਾਈ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਅੱਜ ਬਟਾਲਾ ਦੇ ਹਾਥੀ ਗੇਟ, ਠਠਿਆਰੀ ਗੇਟ ਅਤੇ ਖੰਡਾ ਖੋਲ੍ਹਾ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਦੀ ਟੀਮ ਨੇ ਲੋਕਾਂ ਕੋਲੋਂ ਨਕਲੀ ਸ਼ਰਾਬ ਅਤੇ ਹੋਰ ਨਸ਼ਿਆਂ ਸਬੰਧੀ ਫੀਡਬੈਕ ਵੀ ਹਾਸਲ ਕੀਤੀ।  

ਤਹਿਸੀਲਦਾਰ ਸ. ਲਖਵਿੰਦਰ ਸਿੰਘ ਨੇ ਉਪਰੋਕਤ ਮੁਹੱਲਾ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਬਟਾਲਾ ਸ਼ਹਿਰ ਦੇ ਇਨ੍ਹਾਂ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕੁਝ ਵਿਅਕਤੀਆਂ ਦੀ ਦੁੱਖਦਾਈ ਮੌਤ ਵੀ ਹੋਈ ਸੀ। ਇਸ ਲਈ ਪ੍ਰਸ਼ਾਸਨ ਵੱਲੋਂ ਪੂਰੀ ਅਹਿਤਿਆਤ ਤੇ ਸਖਤੀ ਵਰਤੀ ਜਾ ਰਹੀ ਹੈ ਕਿ ਦੁਬਾਰਾ ਕੋਈ ਦੁਰਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਵੀ ਭੇਜਿਆ ਜਾ ਚੁੱਕਾ ਹੈ।

ਤਹਿਸੀਲਦਾਰ ਬਟਾਲਾ ਨੇ ਆਮ ਲੋਕਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਰੋਕੂ ਮੁਹਿੰਮ ਵਿੱਚ ਆਪਣਾ ਪੂਰਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਾਡੇ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਵਿੱਚ ਧਕੇਲ ਰਿਹਾ ਹੈ ਤਾਂ ਅਜਿਹੇ ਵਿਅਕਤੀ ਖਿਲਾਫ ਸਮਾਜ ਨੂੰ ਉੱਠ ਖੜ੍ਹੇ ਹੋਣਾ ਚਾਹੀਦਾ ਹੈ। ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਗਲੀ ਮੁਹੱਲੇ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਇਲਾਜ ਲਈ ਓਟ ਸੈਂਟਰ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਓਟ ਕੇਂਦਰ ਵਿੱਚ ਨਸ਼ਾ ਛੁਡਾਉਣ ਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਵਿਅਕਤੀ ਓਥੋਂ ਇਲਾਜ ਕਰਾ ਕੇ ਠੀਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ।

FacebookTwitterEmailWhatsAppTelegramShare
Exit mobile version