ਮੁੱਖ ਮੰਤਰੀ ਵੱਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡੇਂਗੂ ਤੇ ਮਲੇਰੀਆ ਦੇ ਖਿਲਾਫ਼ ਵਿਆਪਕ ਪੱਧਰ ਉਤੇ ਮੁਹਿੰਮ ਵਿੱਢਣ ਦੀ ਲੋੜ ’ਤੇ ਜ਼ੋਰ

ਪੰਜਾਬ ਇੰਸਟੀਚਿਊਟ ਆਫ ਲਿਵਰ ਤੇ ਬਾਇਲਰੀ ਸਾਇੰਸਜ਼ ਦਾ ਕੰਮ ਚਾਲੂ ਸਾਲ ਵਿਚ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 4 ਅਗਸਤ (ਦ ਪੰਜਾਬ ਵਾਇਰ)। ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੀ ਇਹਤਿਆਤ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਸ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।

ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।

ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ, ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਹ ਮੁਹਿੰਮ ਬਹੁਤ ਮਦਦਗਾਰ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਵੱਧ ਤੋਂ ਵੱਧ ਇਹਤਿਆਤ ਵਰਤਣ ਲਈ ਜਾਗਰੂਕ ਕਰਨ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੈਰ- ਸਰਕਾਰੀ ਸੰਗਠਨਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਦਿਸ਼ਾ ਵਿੱਚ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ।

ਹੋਰ ਮੁੱਦਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਤੇ ਬਾਇਲਰੀ ਸਾਇੰਸਜ਼ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਦਸੰਬਰ, 2022 ਤੱਕ ਮੁਕੰਮਲ ਹੋਣਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰੇਗਾ।

FacebookTwitterEmailWhatsAppTelegramShare
Exit mobile version