ਚੰਡੀਗੜ੍ਹ, 31 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਨਤਾਰਨ ਦੇ ਪੱਟੀ ਅੰਦਰ ਹੋਈ ਕੈਥੋਲਿਕ ਚਰਚ ਤੇ ਹਮਲੇ ਤੇ ਪ੍ਰਤਿਕ੍ਰਿਰਿਆ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕੜੇ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਤਰਨਤਾਰਨ ਵਾਲੀ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਿਆ ਅਤੇ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਦੱਸਣਯੋਗ ਹੈ ਕਿ ਥਾਣਾ ਪੱਟੀ ਦੇ ਪਿੰਡ ਠੱਕਰਪੁਰਾ ਵਿੱਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਚਰਚ ਵਿੱਚ ਦਾਖ਼ਲ ਹੋ ਕੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀ ਮੂਰਤੀ ਦੀ ਭੰਨਤੋੜ ਕੀਤੀ। ਉਹਨਾਂ ਵੱਲੋਂ ਫਾਦਰ ਦੀ ਗੱਡੀ ਨੂੰ ਵੀ ਅੱਗ ਲਗਾ ਦਿੱਤੀ ਗਈ ਸੀ।ਪਿੰਡ ਠੱਕਰਪੁਰਾ ਨੂੰ ਈਸਾਈ ਭਾਈਚਾਰੇ ਦਾ ਗੜ੍ਹ ਮੰਨਿਆ ਜਾਂਦਾ ਹੈ। ਇੱਥੇ ਸਾਲਾਂ ਤੋਂ ਪ੍ਰਭੂ ਯਿਸੂ ਅਤੇ ਮਾਤਾ ਮਰਿਅਮ ਦੀ ਪੁਰਾਣੀ ਅਤੇ ਸੁੰਦਰ ਮੂਰਤੀ ਬਣੀ ਹੋਈ ਸੀ। ਇਸ ਦੇ ਨਾਲ ਹੀ ਹਰ ਐਤਵਾਰ ਨੂੰ ਇਲਾਕੇ ਭਰ ਤੋਂ ਈਸਾਈ ਭਾਈਚਾਰੇ ਦੇ ਪਰਿਵਾਰ ਇੱਥੇ ਪ੍ਰਾਰਥਨਾ ਲਈ ਆਉਂਦੇ ਹਨ।
ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਅੰਦਰ ਇਸਾਈ ਭਾਈਚਾਰੇ ਵਿੱਚ ਰੋਹ ਦੀ ਲਹਿਰ ਹੈ।