ਮੰਤਰੀ ਮੰਡਲ ਵੱਲੋਂ ਪਾਵਨ ਧਾਰਮਿਕ ਗ੍ਰੰਥਾਂ ਦਾ ਪ੍ਰਕਾਸ਼ ਕਰਕੇ ਲਿਜਾਣ ਲਈ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ

ਚੰਡੀਗੜ੍ਹ, 21 ਅਕਤੂਬਰ (ਦਾ ਪੰਜਾਬ ਵਾਇਰ)। ਹਰੇਕ ਧਰਮ ਦੇ ਪਾਵਨ ਗ੍ਰੰਥਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦਾ ਪ੍ਰਕਾਸ਼ ਕਰਕੇ ਲਿਜਾਣ ਲਈ ਵਿਸ਼ੇਸ਼ ਤੌਰ ਉਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇ ਦਿੱਤੀ ਹੈ।

ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਅਜਿਹੇ ਲਗਪਗ 25000 ਵਾਹਨ ਹਨ ਜੋ ਧਾਰਮਿਕ ਸਮਾਗਮਾਂ ਲਈ ਧਾਰਮਿਕ ਗ੍ਰੰਥਾਂ ਦਾ ਪ੍ਰਕਾਸ਼ ਕਰਨ ਲਈ ਵਰਤੇ ਜਾਂਦੇ ਹਨ। ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਦੇ ਤਹਿਤ ਅਜਿਹੇ ਵਾਹਨ ਉਤੇ ਸਾਲਾਨਾ 10,000 ਰੁਪਏ ਮੋਟਰ ਵਹੀਕਲ ਟੈਕਸ ਲਾਗੂ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨਾਲ ਸਰਕਾਰ ਇਨ੍ਹਾਂ ਵਾਹਨਾਂ ਨੂੰ ਸਾਲਾਨਾ 20 ਕਰੋੜ ਤੋਂ 25 ਕਰੋੜ ਰੁਪਏ ਦੀ ਰਾਹਤ ਮਿਲੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੰਤਰੀ ਮੰਡਲ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਨਗਰ ਕੀਰਤਨ ਸਜਾਉਣ/ਹਰੀਨਾਮ ਲਈ ਵਰਤੇ ਜਾਂਦੇ ਵਾਹਨਾਂ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣਗੀਆਂ। ਸੂਬੇ ਵਿਚ ਅਜਿਹੀਆਂ ਧਾਰਮਿਕ ਰਸਮਾਂ ਤੇ ਸਮਾਗਮ ਸਮਾਜਿਕ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ।

ਇਹ ਧਾਰਮਿਕ ਸੰਸਥਾਵਾਂ ਸਿਰਫ ਦਾਨ ਆਦਿ ਨਾਲ ਚਲਦੀਆਂ ਹਨ ਅਤੇ ਇਨ੍ਹਾਂ ਦੀ ਕੋਈ ਵੱਖਰੀ ਆਮਦਨ ਨਹੀਂ ਹੁੰਦੀ। ਇਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਦੀਆਂ ਧਾਰਮਿਕ ਰਸਮਾਂ ਜਾਂ ਧਾਰਮਿਕ ਸਮਾਗਮਾਂ ਵਿਚ ਵਰਤੀਆਂ ਜਾਣ ਵਾਲੀਆਂ ਵਿਸ਼ੇਸ਼ ਤੌਰ ਉਤੇ ਡਿਜ਼ਾਈਨ ਕੀਤੀਆਂ ਮੋਟਰ ਗੱਡੀਆਂ ਨੂੰ ਮੋਟਰ ਵਹੀਕਲ ਟੈਕਸ ਵਿਚ ਛੋਟ ਦਿੱਤੀ ਗਈ ਹੈ ਜਿਸ ਨਾਲ ਸਮੂਹ ਧਾਰਮਿਕ ਸੰਸਥਾਵਾਂ ਨੂੰ ਵੱਡੀ ਵਿੱਤੀ ਸਹਾਇਤਾ ਮਿਲੇਗੀ।

FacebookTwitterEmailWhatsAppTelegramShare
Exit mobile version