ਸਾਬਕਾ ਕਾਂਗਰਸੀ ਕੌਂਸਲਰ ਖੁਦਕੁਸ਼ੀ ਮਾਮਲੇ ‘ਚ ਪੁਲਿਸ ਨੇ ਦਰਜ ਕੀਤਾ ਮਾਮਲਾ, ਸਾਬਕਾ ਭਾਜਪਾ ਵਿਧਾਇਕ ਸਮੇਤ ਕਈ ਨਾਮਜ਼ਦ

 ਜਲੰਧਰ, 30 ਜਨਵਰੀ (ਦੀ ਪੰਜਾਬ ਵਾਇਰ)। ਜਲੰਧਰ ‘ਚ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਦੀ ਖੁਦਕੁਸ਼ੀ ਮਾਮਲੇ ‘ਚ ਪੁਲਸ ਨੇ ਅੱਜ ਸੋਮਵਾਰ ਨੂੰ ਖੁਦਕੁਸ਼ੀ ਨੋਟ ‘ਚ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿਛਲੇ 2 ਦਿਨਾਂ ਤੋਂ ਪੁਲਸ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਨ ਦੀ ਗੱਲ ਕਰ ਰਹੀ ਸੀ ਪਰ ਕਾਰਵਾਈ ਨਾ ਹੋਣ ਤੋਂ ਦੁਖੀ ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਦੂਜੇ ਪਾਸੇ ਪੁਲੀਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕਾਂਗਰਸੀ ਆਗੂ ਤੇ ਵਰਕਰ ਥਾਣੇ ਦਾ ਘਿਰਾਓ ਕਰਕੇ ਬੈਠੇ ਰਹੇ। ਏਡੀਸੀਪੀ 1 ਬਲਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਦੇ ਆਧਾਰ ’ਤੇ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ, ਰਾਜਕੁਮਾਰ ਸ਼ਰਮਾ, ਅੰਜੂ ਸ਼ਰਮਾ, ਅਕਸ਼ੈ ਸ਼ਰਮਾ ਸਮੇਤ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਕਾਂਗਰਸੀ ਵਿਧਾਇਕ ਬਾਵਾ ਹੈਨਰੀ ਦੇ ਨਜ਼ਦੀਕੀ ਵਾਰਡ-64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਉਰਫ ਵਿੱਕੀ ਨੇ ਸ਼ਨੀਵਾਰ ਸ਼ਾਮ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਸੀ, ਜਿਸ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਸਮੇਤ ਕਈ ਨਾਮੀ ਲੋਕਾਂ ‘ਤੇ ਦੋਸ਼ ਲਗਾਏ ਗਏ ਸਨ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਜਦੋਂ ਉਸ ਖ਼ਿਲਾਫ਼ ਜਾਅਲਸਾਜ਼ੀ ਦਾ ਕੇਸ ਦਰਜ ਹੋਇਆ ਸੀ ਤਾਂ ਜੱਜ ਅਤੇ ਪੁਲੀਸ ਅਧਿਕਾਰੀਆਂ ਦੇ ਨਾਂ ’ਤੇ 15 ਲੱਖ ਰੁਪਏ ਵਸੂਲੇ ਗਏ ਸਨ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਸੀ।

FacebookTwitterEmailWhatsAppTelegramShare
Exit mobile version