ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਬਾਰੇ ਸਵਾਲ ਕਰਨ ਤੋਂ ਪਹਿਲਾਂ ਕ੍ਰਿਪਾ ਕਰਕੇ ਕੇਂਦਰ ਵੱਲੋਂ ਰਾਜਪਾਲ ਦੀ ਨਿਯੁਕਤੀ ਲਈ ਅਪਣਾਈ ਜਾਂਦੀ ਯੋਗਤਾ ਬਾਰੇ ਚਾਨਣਾ ਪਾਓ-ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਪੱਤਰ

ਮੈਂ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਾਂ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 14 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ ਨਿਯੁਕਤੀ ਕਰਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ ਯੋਗਤਾ ਬਾਰੇ ਚਾਨਣਾ ਪਾਉਣਾ ਚਾਹੀਦਾ ਹੈ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਰਾਜਪਾਲ ਦੇ ਅਹੁਦੇ ਲਈ ਕਿਸੇ ਵਿਅਕਤੀ ਦੀ ਨਿਯੁਕਤੀ ਲਈ ਕਿਸੇ ਤੈਅ ਪ੍ਰਕਿਰਿਆ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਖ-ਵੱਖ ਸੂਬਿਆਂ ਦੇ ਰਾਜਪਾਲ ਕਿਵੇਂ ਨਿਯੁਕਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਭਾਰਤੀ ਸੰਵਿਧਾਨ ਵਿਚ ਕੋਈ ਯੋਗਤਾ ਤੈਅ ਨਹੀਂ ਕੀਤੀ ਗਈ, ਫੇਰ ਰਾਜਪਾਲ ਕਿਵੇਂ ਨਿਯੁਕਤ ਹੁੰਦੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਤਾਂ ਕਿ ਪੰਜਾਬੀਆਂ ਦੇ ਗਿਆਨ ਵਿਚ ਇਜ਼ਾਫਾ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਲਈ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਬਾਰੇ ਉਨ੍ਹਾਂ ਪਾਸੋਂ ਜਾਣਕਾਰੀ ਹਾਸਲ ਕਰਨ ਤੋਂ ਪਹਿਲਾਂ ਰਾਜਪਾਲ ਨੂੰ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਬੀਤੇ ਦਿਨ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਚੁੱਕੇ ਗਏ ਮਸਲੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਲਈ ਉਹ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਜਿਨ੍ਹਾਂ ਨੇ ਵੱਡੇ ਫਤਵੇ ਨਾਲ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

FacebookTwitterEmailWhatsAppTelegramShare
Exit mobile version