ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ

ਚੰਡੀਗੜ੍ਹ, 20 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ‘ਚ ਪੀਣਯੋਗ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਕੂੜੇ-ਕਰਕਟ ਦੇ ਨਿਪਟਾਰੇ ਲਈ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ 3 ਦਰਜਨ ਦੇ ਕਰੀਬ ਜੂਨੀਅਰ ਇੰਜੀਨੀਅਰਜ਼ (ਜੇ.ਈਜ਼) ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਨਵ ਨਿਯੁਕਤ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣਗੇ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਬਹੁਤ ਸਾਰੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੀ ਭਰਤੀ ਨਾਲ ਜਿੱਥੇ ਪ੍ਰੋਜੈਕਟਾਂ ਦੀ ਗਤੀ ਹੋਰ ਤੇਜ਼ ਹੋਵੇਗੀ ਉੱਥੇ ਹੀ ਲੋਕਾਂ ਨੂੰ ਹੋਰ ਜ਼ਿਆਦਾ ਸੁਵਿਧਾਵਾਂ ਦੇਣ ਵਿਚ ਵੀ ਸੌਖ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ 2022 ਵਿਚ ਵਿਭਾਗ ‘ਚ ਜੂਨੀਅਰ ਨਕਸ਼ਾ ਨਵੀਸਾਂ ਦੀ ਵੀ ਭਰਤੀ ਕੀਤੀ ਗਈ ਸੀ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸੂਬੇ ਵਿਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਖਾਲੀ ਪਈਆਂ ਸਰਕਾਰੀ ਅਸਾਮੀਆਂ ਨੂੰ ਭਰਿਆ ਜਾਵੇਗਾ। ਆਪਣੇ ਇਸ ਵਾਅਦੇ ਦੀ ਪੂਰਤੀ ਕਰਦਿਆਂ ਹੁਣ ਤੱਕ ਮੁੱਖ ਮੰਤਰੀ ਵੱਲੋਂ ਤਕਰੀਬਨ 27 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੇ ਵਿਭਾਗ ਵਿਚ ਆਉਣ ਨਾਲ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਵਿਚ ਵੀ ਆਸਾਨੀ ਹੋਵੇਗੀ।

FacebookTwitterEmailWhatsAppTelegramShare
Exit mobile version