ਗੁਰਦਾਸਪੁਰ ਸੈਕਟਰ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ, ਤਲਾਸ਼ੀ ‘ਚ ਹਥਿਆਰ ਬਰਾਮਦ

ਗੁਰਦਾਸਪੁਰ, 24 ਮਾਰਚ 2023 (ਮੰਨਣ ਸੈਣੀ)। ਪੰਜਾਬ ਵਿੱਚ ਡਰੋਨਾਂ ਰਾਹੀਂ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ। 24 ਮਾਰਚ ਨੂੰ ਤੜਕੇ 2:28 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਭਜਾ ਦਿੱਤਾ।

ਇਸ ਤੋਂ ਬਾਅਦ ਮੌਕੇ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੇ ਇੱਕ ਪੈਕੇਟ ਦੀ ਖੇਪ ਬਰਾਮਦ ਕੀਤੀ, ਜਿਸ ਨੂੰ ਡਰੋਨ ਤੋਂ ਸੁੱਟਿਆ ਗਿਆ ਸੀ। ਇਸ ਵਿੱਚ 5 ਪਿਸਤੌਲ, 10 ਪਿਸਤੌਲ ਮੈਗਜ਼ੀਨ, 9 ਐਮਐਮ ਦੇ 71 ਰੌਂਦ ਅਤੇ .311 ਦੇ 20 ਰੌਂਦ ਸਨ।

ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ, ਅੱਤਵਾਦੀਆਂ ਅਤੇ ਸਮੱਗਲਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇੱਕ ਸਾਲ ਵਿੱਚ 26 ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕਿਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ 162 ਗੈਂਗਸਟਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਅੱਤਵਾਦੀਆਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਸਰਹੱਦ ਪਾਰ ਤੋਂ ਆਉਣ ਵਾਲੇ 30 ਡਰੋਨਾਂ ਨੂੰ ਵੀ ਪੁਲਿਸ ਨੇ ਹੋਰ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਹੇਠਾਂ ਉਤਾਰਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ। ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਹੋਈ ਹੈ। 16 ਮਾਰਚ, 2022 ਤੋਂ ਹੁਣ ਤੱਕ 13,094 ਐਫਆਈਆਰ ਦਰਜ ਕਰਕੇ 17,568 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਸਿਰਫ਼ ਇੱਕ ਸਾਲ ਵਿੱਚ ਰਿਕਾਰਡ 863.9 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

FacebookTwitterEmailWhatsAppTelegramShare
Exit mobile version