ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ ਲਿਆ

ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 18 ਅਪ੍ਰੈਲ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਭਾਅ ’ਤੇ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੀ ਤਰਾਂ ਪਾਰਦਰਸ਼ੀ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਉਣ ਕਿ ਕਿਸਾਨ ਦੀ ਫਸਲ ਪੂਰੇ ਤੋਲ ਅਤੇ ਭਾਅ ਉੱਪਰ ਹੀ ਵਿਕੇ। ਇਸ ਲਈ ਅਧਿਕਾਰੀਆਂ ਵੱਲੋਂ ਰੋਜ਼ਾਨਾਂ ਮੰਡੀਆਂ ਦਾ ਦੌਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਬੈਠਣ ਲਈ ਛਾਂ, ਪੀਣ ਵਾਲੇ ਪਾਣੀ, ਟਾਇਲਟ, ਬਿਜਲੀ ਅਤੇ ਸਫਾਈ ਆਦਿ ਦੇ ਪ੍ਰਬੰਧਾਂ ਵਿੱਚ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਆਪਣੇ ਕੋਲ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਕੇ ਰੱਖਣ ਤਾਂ ਜੋ ਬਰਸਾਤ ਆਦਿ ਦੀ ਸੂਰਤ ਵਿੱਚ ਫਸਲ ਨੂੰ ਬਾਰਸ਼ ਤੋਂ ਬਚਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਨਾਲ ਦੀ ਨਾਲ ਹੀ ਕੀਤਾ ਜਾਵੇ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਢੇਰ ਨਾ ਲੱਗਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੇ ਭਾਅ ’ਤੇ ਕਣਕ ਦੀ ਖਰੀਦ ਲਈ ਵਚਨਬੱਧ ਹੈ ਅਤੇ ਜੇਕਰ ਫਿਰ ਵੀ ਕਿਸੇ ਵੀ ਕਿਸਾਨ ਨੂੰ ਖਰੀਦ ਸਮੇਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਸਮੇਤ ਕਿਸੇ ਵੀ ਜ਼ਿਲ੍ਹਾ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।

FacebookTwitterEmailWhatsAppTelegramShare
Exit mobile version