ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 28 ਅਪ੍ਰੈਲ 2023 (ਦੀ ਪੰਜਾਬ ਵਾਇਰ)।ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

FacebookTwitterEmailWhatsAppTelegramShare
Exit mobile version