ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ‘ਅਬਾਦ’ ਤਹਿਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 665 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਚੇਅਰਮੈਨ ਰਮਨ ਬਹਿਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਪਿੰਡ ਜੌੜਾ ਛੱਤਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ

ਜੌੜਾ ਛੱਤਰਾਂ (ਗੁਰਦਾਸਪੁਰ), 11 ਅਗਸਤ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੱਲੋਂ ਗੋਦ ਲਏ ਪਿੰਡ ਜੌੜਾ ਛੱਤਰਾਂ ਵਿਖੇ ਅੱਜ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਵੀ ਕੱਢੀ ਗਈ।

ਅੱਜ ਦੇ ਅਬਾਦ ਕੈਂਪ ਵਿੱਚ ਪਿੰਡ ਜੌੜਾ ਛੱਤਰਾਂ ਤੋਂ ਇਲਾਵਾ ਪਿੰਡ ਅਮੀਪੁਰ, ਇੰਦਰਵਾਲ, ਹੀਰ, ਜੋਈਆਂ, ਕੈਲੇ ਖੁਰਦ ਦੇ ਵਸਨੀਕਾਂ ਨੇ ਵੀ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ 126 ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅੱਜ ਦੇ ਅਬਾਦ ਕੈਂਪ ਦੌਰਾਨ 665 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ।

ਅਬਾਦ ਕੈਂਪ ਦੌਰਾਨ ਪਿੰਡ ਜੌੜਾ ਛੱਤਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਪਿੰਡ ਜੌੜਾ ਛੱਤਰਾਂ ਦੇ ਵਸਨੀਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਪਿੰਡ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਸ਼ਾ ਮੁਕਤੀ ਮੁਹਿੰਮ ਵਿੱਚ ਪਿੰਡ ਵਾਸੀਆਂ ਦਾ ਸਾਥ ਮੰਗਦਿਆਂ ਕਿਹਾ ਕਿ ਸਮੂਹ ਪਿੰਡ ਵਾਸੀ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਣ ਅਤੇ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਸਾਥ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਵਿਸ਼ੇਸ਼ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ ਜਿਸ ਉੱਪਰ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਾ ਕੇ ਮੁੜ ਵਸੇਬਾ ਕੀਤਾ ਜਾਵੇਗਾ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਨਸ਼ੇ ਦੀ ਬਿਮਾਰੀ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਪੁਲਿਸ ਨੇ ਨਸ਼ੇ ਦੀਆਂ ਵੱਡੀਆਂ ਖੇਪਾਂ ਫੜ੍ਹ ਕੇ ਨਸ਼ੇ ਦੇ ਕਾਰੋਬਾਰੀਆਂ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਜਿਥੇ ਨਸ਼ਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ ਓਥੇ ਲੋਕਾਂ ਵਿੱਚ ਜਾਗਰੂਕਤਾ ਵੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਹੈਲਪ ਲਾਈਨ ਨੰਬਰ 78145-45950 ਜਾਰੀ ਕੀਤਾ ਗਿਆ ਹੈ ਜਿਸ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੱਲੋਂ ਪਿੰਡ ਜੌੜਾ ਛੱਤਰਾਂ ਨੂੰ ਗੋਦ ਲਏ ਜਾਣ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਵੀ ਇਸ ਪਿੰਡ ਦੇ ਸਰਬੱਪਖੀ ਵਿਕਾਸ ਅਤੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਅਬਾਦ ਕੈਂਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਨਹੀਂ ਜਾਣਾ ਪੈਂਦਾ ਸਗੋਂ ਸਰਕਾਰ ਉਨਾਂ ਦੇ ਦੁਆਰ ਪਹੁੰਚ ਰਹੀ ਹੈ। ਉਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਲੋਕ ਭਲਾਈ ਉਪਰਾਲਿਆਂ ਤੋਂ ਸੂਬਾ ਵਾਸੀ ਖੁਸ਼ ਹਨ।

ਇਸ ਮੌਕੇ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਪਿੰਡ ਜੌੜਾ ਛੱੱਤਰਾਂ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਪਿੰਡ ਦੇ ਨੌਜਵਾਨਾਂ ਨੇ ਭਾਗ ਲਿਆ।

ਇਸ ਮੌਕੇ ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਤਹਿਸੀਲਦਾਰ ਸ੍ਰੀਮਤੀ ਰਾਜਵਿੰਦਰ ਕੌਰ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ,ਐਕਸੀਅਨ ਲੋਕ ਨਿਰਮਾਣ ਵਿਭਾਗ ਸ. ਹਰਜੋਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਪੰਚਾਇਤ ਵਿਭਾਗ ਤੋਂ ਅਮ੍ਰਿਤਪਾਲ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਤੇ ਇਲਾਕੇ ਮੋਹਤਬਰ ਹਾਜ਼ਰ ਸਨ।

Exit mobile version