ਵਿਵਾਦਿਤ ਬਿਆਨ-ਬਾਗੇਸ਼ਵਰ ਧਾਮ ਦੇ ਮੁੱਖੀ ਧੀਰੇਂਦਰ ਸ਼ਾਸਤਰੀ ‘ਤੇ ਮਾਮਲਾ ਦਰਜ ਕਰਨ ਲਈ ਐੱਸਐੱਸਪੀ ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ,23 ਅਕਤੂਬਰ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ‘ਚ ਇਸਾਈ ਭਾਈਚਾਰਾ ਬਾਗੇਸ਼ਵਰ ਧਾਮ ਦੇ ਮੁੱਖੀ ਧੀਰੇਂਦਰ ਸ਼ਾਸਤਰੀ ‘ਤੇ ਭੜਕ ਪਿਆ ਹੈ। ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਭਾਈਚਾਰੇ ਦੇ ਲੋਕ ਸੋਮਵਾਰ ਨੂੰ ਗੁਰਦਾਸਪੁਰ ਦੇ ਐਸਐਸਪੀ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਨੇ ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਪੱਤਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਧੀਰੇਂਦਰ ਸ਼ਾਸਤਰੀ ਨੇ ਇਸਾਈ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖੀ ਨੇ ਜਲਦੀ ਹੀ ਇਸਾਈ ਭਾਈਚਾਰੇ ਤੋਂ ਮੁਆਫ਼ੀ ਨਾ ਮੰਗੀ ਤਾਂ ਉਹ ਉਸ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ ਅਤੇ ਕਈ ਥਾਵਾਂ ’ਤੇ ਉਨ੍ਹਾਂ ਦੇ ਪੁਤਲੇ ਵੀ ਫੂਕੇ ਜਾਣਗੇ।

ਉਨ੍ਹਾਂ ਕਿਹਾ ਕਿ ਬਾਬਾ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਧਰਮ ਨੂੰ ਨਿਸ਼ਾਨਾ ਬਣਾ ਕੇ ਅਜਿਹੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬਾਗੇਸ਼ਵਰ ਧਾਮ ਦੇ ਮੁਖੀ ਨਾਲ ਜੁੜੇ ਸਿਆਸੀ ਲੋਕ ਹਿੰਦੂ ਵੋਟਾਂ ਹਾਸਲ ਕਰਨ ਲਈ ਅਜਿਹੀਆਂ ਸਿਆਸੀ ਚਾਲਾਂ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁਆਫੀ ਨਾ ਮੰਗੀ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਪਠਾਨਕੋਟ ਵਿੱਚ ਚੱਲ ਰਹੇ ਪ੍ਰੋਗਰਾਮ ਵਿੱਚ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਨੇ ਵਿਵਾਦਿਤ ਬਿਆਨ ਦਿੱਤਾ ਸੀ।

Exit mobile version