ਜ਼ਹਿਰੀਲੀ ਹਵਾ ਦੀ ਲਪੇਟ ‘ਚ ਪੰਜਾਬ- ਸਿਹਤ ਵਿਭਾਗ ਦੀ ਸਲਾਹ- ਮਾਸਕ ਪਾਓ, ਸੈਰ ਕਰਨ ਦਾ ਸਮਾਂ ਬਦਲੋ।

ਚੰਡੀਗੜ੍ਹ, 6 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਆਪਣੇ ਕਿਸਾਨਾਂ ਦੀ ਅਣਗਹਿਲੀ ਕਾਰਨ ਜ਼ਹਿਰੀਲੀ ਹਵਾ ਦਾ ਸ਼ਿਕਾਰ ਹੋ ਗਿਆ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸੂਬੇ ਦੀ ਹਵਾ ਇੰਨੀ ਖਰਾਬ ਹੋ ਗਈ ਹੈ ਕਿ ਸਿਹਤ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਫੇਸ ਮਾਸਕ ਪਹਿਨਣ ਅਤੇ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਵਿਭਾਗ ਨੇ ਸਵੇਰੇ ਸੈਰ ਕਰਨ ਜਾਣ ਵਾਲੇ ਲੋਕਾਂ ਨੂੰ ਸੂਰਜ ਚੜ੍ਹਨ ਤੋਂ ਬਾਅਦ ਹੀ ਸੈਰ ਕਰਨ ਲਈ ਕਿਹਾ ਹੈ ਕਿਉਂਕਿ ਸਵੇਰ ਵੇਲੇ ਨਮੀ ਦਾ ਵਧਦਾ ਪੱਧਰ ਧੂੰਏਂ ਦੇ ਜ਼ਹਿਰੀਲੇ ਕਣਾਂ ਨੂੰ ਸੋਖ ਲੈਂਦਾ ਹੈ ਅਤੇ ਇਹ ਹਵਾ ਲੋਕਾਂ ਲਈ ਬੇਹੱਦ ਖਤਰਨਾਕ ਹੈ।

ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ਼ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਤਾਂ ਜੋ ਹਵਾ ਦੇ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਬਜ਼ੁਰਗਾਂ, ਦਮੇ ਅਤੇ ਦਿਲ ਦੇ ਰੋਗੀਆਂ ਅਤੇ ਸਾਹ ਦੀਆਂ ਬਿਮਾਰੀਆਂ ਵਾਲੇ ਲੋਕਾਂ ਨੂੰ ਐੱਨ-95 ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਨੇ ਦੱਸਿਆ ਕਿ ਇਸ ਨਾਲ ਖੰਘ, ਸਾਹ ਚੜ੍ਹਨਾ, ਨੱਕ ਵਿੱਚ ਪਾਣੀ ਆਉਣਾ, ਅੱਖਾਂ ਵਿੱਚ ਖੁਜਲੀ ਜਾਂ ਜਲਨ ਅਤੇ ਸਿਰ ਵਿੱਚ ਭਾਰੀਪਣ ਵਰਗੇ ਲੱਛਣ ਹੁੰਦੇ ਹਨ। ਹਵਾ ਪ੍ਰਦੂਸ਼ਣ ਤੁਹਾਡੀ ਉਮਰ ਘਟਾ ਸਕਦਾ ਹੈ।

ਸਿਹਤ ਵਿਭਾਗ ਦੇ ਬੁਲਾਰੇ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਉਨ੍ਹਾਂ ਦੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਸਿੱਧ ਹੋ ਰਿਹਾ ਹੈ। ਪਰਾਲੀ ਦਾ ਧੂੰਆਂ ਮਨੁੱਖਤਾ ਲਈ ਖਤਰਾ ਬਣ ਗਿਆ ਹੈ। ਕਿਸਾਨਾਂ ਨੂੰ ਪਰਾਲੀ ਸਾੜ ਕੇ ਮਨੁੱਖਤਾ ਵਿਰੋਧੀ ਗਤੀਵਿਧੀਆਂ ਦਾ ਹਿੱਸਾ ਬਣਨ ਤੋਂ ਬਚਣਾ ਚਾਹੀਦਾ ਹੈ।

FacebookTwitterEmailWhatsAppTelegramShare
Exit mobile version