ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਨੁਮਾਇੰਦੇ ਪਹੁੰਚੇ ਪੀਐੱਚਡੀ ਹਾਊਸ
ਦੋਵਾਂ ਦੇਸ਼ਾਂ ’ਚ ਉਦਯੋਗਿਕ ਗਤੀਵਿਧੀਆਂ ਨੂੰ ਵਧਾਉਣ ’ਤੇ ਹੋਈ ਚਰਚਾ
ਪੀਐੱਚਡੀ ਚੈਂਬਰ ’ਚ ਪਾਈਟੈਕਸ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ, 9 ਫਰਵਰੀ 2024 (ਦੀ ਪੰਜਾਬ ਵਾਇਰ)। ਭਾਰਤ ਅਤੇ ਕੈਨੇਡਾ ਦਰਮਿਆਨ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਉਦਯੋਗਿਕ ਸਬੰਧਾਂ ਨੂੰ ਮਜ਼ਬੂਤ ਕਰਨਾ ਇਸ ਸਮੇਂ ਬੇਹੱਦ ਜ਼ਰੂਰੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤ ਦੌਰੇ ‘ਤੇ ਆਏ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦਿਆਂ ਨੇ ਸਥਾਨਕ ਪੀ.ਐੱਚ.ਡੀ ਹਾਊਸ ਵਿਖੇ ਪੀ.ਐੱਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਆਈ.ਸੀ.ਸੀ.ਸੀ. ਦੇ ਪ੍ਰਧਾਨ ਮੁਰਾਰੀ ਲਾਲ ਥਪਲਿਆਲ ਦੀ ਅਗਵਾਈ ਵਿੱਚ ਚੰਡੀਗੜ੍ਹ ਪੁੱਜੇ ਕੈਨੇਡੀਅਨ ਵਫ਼ਦ ਦਾ ਇੱਥੇ ਪੀਐੱਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਆਰਐੱਸ ਸਚਦੇਵਾ ਅਤੇ ਚੈਂਬਰ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਆਰ.ਐੱਸ. ਸਚਦੇਵਾ ਨੇ ਚੈਂਬਰ ਵੱਲੋਂ ਅੰਮ੍ਰਿਤਸਰ ’ਚ ਹਰ ਸਾਲ ਕਰਵਾਏ ਜਾ ਰਹੇ ਪਾਈਟੈਕਸ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਕੈਨੇਡਾ ਦਰਮਿਆਨ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਨਾਲ ਦੋਵਾਂ ਦੇਸ਼ਾਂ ਨੂੰ ਆਰਥਿਕ ਤੌਰ ’ਤੇ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇੰਡੋ-ਕੈਨੇਡੀਅਨ ਚੈਂਬਰ ਆਫ ਕਾਮਰਸ ਅਧਿਕਾਰਤ ਤੌਰ ‘ਤੇ ਪਾਈਟੈਕਸ ’ਚ ਸ਼ਾਮਲ ਹੁੰਦਾ ਹੈ ਤਾਂ ਭਾਰਤੀ ਕਾਰੋਬਾਰੀਆਂ ਨੂੰ ਇਸ ਦਾ ਫਾਇਦਾ ਹੋਵੇਗਾ। ਪੰਜਾਬ ਦੀ ਆਬਾਦੀ ਦਾ ਵੱਡਾ ਹਿੱਸਾ ਕੈਨੇਡਾ ਵਿੱਚ ਰਹਿੰਦਾ ਹੈ।
ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਮੁਰਾਲੀਲਾਲ ਥਪਲਿਆਲ ਨੇ ਕੈਨੇਡਾ ਅਤੇ ਭਾਰਤ ਦਰਮਿਆਨ ਦੁਵੱਲੇ ਵਪਾਰਕ ਨਿਵੇਸ਼ ਨੂੰ ਸੁਵਿਧਾਜਨਕ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ 11 ਮੈਂਬਰੀ ਵਫ਼ਦ ਦੀ ਭਾਰਤ ਫੇਰੀ ਦੌਰਾਨ ਉਹ ਵੱਖ-ਵੱਖ ਉਦਯੋਗਿਕ ਸੰਸਥਾਵਾਂ ਨਾਲ ਮੀਟਿੰਗਾਂ ਕਰਕੇ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਕੰਮ ਕਰ ਰਹੇ ਹਨ। ਇਸ ਮੌਕੇ ਪੀ.ਐੱਚ.ਡੀ.ਸੀ.ਸੀ.ਆਈ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਕਿਹਾ ਕਿ ਚੈਂਬਰ ਵੱਲੋਂ ਵੱਖ-ਵੱਖ ਦੇਸ਼ਾਂ ਨਾਲ ਉਦਯੋਗਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ। ਪ੍ਰੋਗਰਾਮ ਦੌਰਾਨ ਆਈਸੀਸੀਸੀ ਕਾਰਪੋਰੇਟ ਸਕੱਤਰ ਅਤੇ ਉਪ ਪ੍ਰਧਾਨ ਚਿਰਾਗ ਸ਼ਾਹ, ਆਈਸੀਸੀਸੀ ਵਪਾਰ ਅਤੇ ਵਣਜ ਦੇ ਉਪ ਪ੍ਰਧਾਨ ਪ੍ਰਸ਼ਾਂਤ ਸ਼੍ਰੀਵਾਸਤਵ, ਦੀਪਕ ਸ਼ਾਮਨਾਨੀ, ਆਲੋਕ ਨਾਗਪਾਲ, ਨੀਰਜ ਗੌਤਮ ਤੋਂ ਇਲਾਵਾ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਉਦਯੋਗਪਤੀ ਮੌਜੂਦ ਸਨ।
