ਸ਼ੰਭੂ ਬਾਰਡਰ ‘ਤੇ ਕਿਸਾਨ ਤੇ ਪੁਲਿਸ ਫਿਰ ਆਹਮੋ-ਸਾਹਮਣੇ: ਦਿੱਲੀ ਸਰਹੱਦ ‘ਤੇ ਕਈ ਥਾਵਾਂ ‘ਤੇ ਜਾਮ; ਕਿਸਾਨ ਆਗੂ ਨੇ ਕਿਹਾ-ਸਾਡਾ ਅਕਸ ਖਰਾਬ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 14 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (14 ਫਰਵਰੀ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੇ ਯਤਨ ਜਾਰੀ ਹਨ। ਦਿੱਲੀ ਬਾਰਡਰ ‘ਤੇ ਅੱਜ ਵੀ ਆਵਾਜਾਈ ਜਾਮ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।ਅੱਥਰੂ ਗੈਸ ਦਾ ਧੂੰਆਂ ਕੱਢਣ ਲਈ ਕਿਸਾਨ ਵੱਡੇ-ਵੱਡੇ ਪੱਖੇ ਚਲਾ ਰਹੇ ਹਨ।

ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

13 ਫਰਵਰੀ ਨੂੰ ਕਿਸਾਨਾਂ ਨੇ ਪੰਜਾਬ ਤੋਂ ਹਰਿਆਣਾ ਤੱਕ ਮਾਰਚ ਕੀਤਾ ਸੀ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।

ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਸ਼ੰਭੂ ਸਰਹੱਦ ’ਤੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰ ਨਾਲ ਹਟਾਇਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਅੰਬਾਲਾ ਪੁਲੀਸ ਦੇ ਡੀਐਸਪੀ ਸਮੇਤ 5 ਪੁਲੀਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ ਅਤੇ ਕਰੀਬ 100 ਕਿਸਾਨ ਜਖ਼ਮੀ ਹੋਏ।

ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਉਗਰਾਹਾਂ ਨੇ ਦੱਸਿਆ ਕਿ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਜੇਕਰ ਕਿਸਾਨਾਂ ‘ਤੇ ਅੱਤਿਆਚਾਰ ਬੰਦ ਨਾ ਕੀਤੇ ਗਏ ਤਾਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਗਰਾਹਾਂ ਯੂਨੀਅਨ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਵਿੱਚ ਸ਼ਾਮਲ ਨਹੀਂ ਹੋਈ।

ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਕਿਸਾਨ ਅੰਦੋਲਨ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਗਈ। ਬੀਕੇਯੂ (ਚੜੂਨੀ) ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਨ ਸਬੰਧੀ ਕਿਹਾ ਕਿ ਅੰਦੋਲਨਕਾਰੀ ਦੇਸ਼ ਦੇ ਕਿਸਾਨ ਹਨ ਪਰ ਸਰਕਾਰ ਉਨ੍ਹਾਂ ਨਾਲ ਦੁਸ਼ਮਣ ਦੇਸ਼ ਦੇ ਸੈਨਿਕਾਂ ਵਰਗਾ ਸਲੂਕ ਕਰ ਰਹੀ ਹੈ। ਭਲਕੇ 15 ਫਰਵਰੀ ਨੂੰ ਸਵੇਰੇ 11 ਵਜੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ ਨੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਪਿੰਡ ਚੜੂਨੀ ਸਥਿਤ ਕੇਂਦਰੀ ਦਫ਼ਤਰ ਵਿਖੇ ਬੁਲਾਈ ਹੈ, ਜਿਸ ਵਿੱਚ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ।

FacebookTwitterEmailWhatsAppTelegramShare
Exit mobile version