2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਠਾਨਕੋਟ, 01 ਅਪ੍ਰੈਲ, 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜਿਲਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

FacebookTwitterEmailWhatsAppTelegramShare
Exit mobile version