ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ

ਗੁਰਦਾਸਪੁਰ, 2 ਜੂਨ 2024 (ਦੀ ਪੰਜਾਬ ਵਾਇਰ )। ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ ‘ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ ‘ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਏ.ਆਰ.ਓਜ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕੀਨੀ ਬਣਾਇਆ। ਸ੍ਰੀ ਵਿਸ਼ੇਸ਼ ਸਾਰੰਗਲ ਨੇ ਪੋਲਿੰਗ ਸਟੇਸ਼ਨਾਂ ‘ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ।

FacebookTwitterEmailWhatsAppTelegramShare
Exit mobile version