ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੱਕੀ ਨਾਲੇ ਅਤੇ ਨੌਮਣੀ ਨਾਲੇ `ਚ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਅਧਿਕਾਰੀਆਂ ਨੂੰ ਸਾਰੇ ਹੜ੍ਹ ਰੋਕੂ ਪ੍ਰਬੰਧ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 11 ਜੂਨ 2024 ( ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਪਿੰਡ ਕੋਠੀ ਮਜੀਠੀ (ਬਹਿਰਾਮਪੁਰ) ਅਤੇ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਓਥੇ ਸ਼ੱਕੀ ਨਾਲੇ ਅਤੇ ਨੋਮਣੀ ਨਾਲੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਅੱਜ ਸਵੇਰੇ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਬਹਿਰਾਮਪੁਰ ਨੇੜਲੇ ਪਿੰਡ ਕੋਠੀ ਮਜੀਠੀ ਵਿਖੇ ਪਹੁੰਚੇ ਜਿਥੇ ਸ਼ੱਕੀ ਨਾਲੇ ਵਿਚੋਂ ਗਾਰ ਕੱਢਣ ਅਤੇ ਖਲਾਈ ਦਾ ਕੰਮ ਚੱਲ ਰਿਹਾ ਸੀ। ਡਰੇਨਜ਼ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਸ਼ੱਕੀ ਨਾਲੇ ਦੀ ਕੀਤੀ ਜਾ ਰਹੀ ਸਫ਼ਾਈ ਦਾ ਜਾਇਜਾ ਲੈਣ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਹਰ ਹਾਲ ਵਿੱਚ ਮੁਕੰਮਲ ਕਰ ਲਿਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਗਾਹਲੜੀ ਹੈੱਡਵਰਕਸ ਤੇ ਬਾਊਪੁਰ ਜੱਟਾਂ ਵਿਖੇ ਨੌਮਣੀ ਨਾਲੇ ਦੀ ਖਲਾਈ ਦੇ ਕੰਮ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨਾਲ ਗੱਲ-ਬਾਤ ਕਰਕੇ ਬੀਤੇ ਸਮਿਆਂ ਵਿੱਚ ਹੜ੍ਹਾਂ ਦੀ ਮਾਰ ਬਾਰੇ ਜਾਣਕਾਰੀ ਵੀ ਹਾਸਲ ਕੀਤੀ।

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਾਨਸੂਨ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੇ ਖ਼ਤਰੇ ਤੋਂ ਬਚਣ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪੱਖ ਤੋਂ ਅਹਿਮ ਸ਼ੱਕੀ ਨਾਲੇ ਅਤੇ ਨੌਮਣੀ ਨਾਲੇ ਦੀ ਸਫ਼ਾਈ ਅਤੇ ਖਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਵੀ ਸੇਮ-ਨਾਲਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਿਆ ਬਿਆਸ ਦੇ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਪ੍ਰਬੰਧ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ।

ਫੀਲਡ ਦੌਰੇ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜ਼ਰੂਰੀ ਨਿਰਦੇਸ਼ ਦਿੱਤੇ ਗਏ।

Exit mobile version