ਨਸ਼ਿਆਂ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਕਿਉਂ ਨਹੀਂ ਠਹਿਰਾਇਆ ਜਾਣਾ ਚਾਹੀਦਾ: ਬਾਜਵਾ

ਚੰਡੀਗੜ੍ਹ, 19 ਜੂਨ 2024 (ਦੀ ਪੰਜਾਬ ਵਾਇਰ)। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ਿਆਂ ਦੀ ਸਮੱਸਿਆ ਅਤੇ ਵੱਧ ਰਹੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਾਪਰਵਾਹੀ ਵਾਲਾ ਰਵੱਈਆ ਅਪਣਾਉਣ ਲਈ ਤਿੱਖਾ ਹਮਲਾ ਬੋਲਿਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਅਧਿਕਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਕ ਹੋਰ ਪ੍ਰੈਸ ਕਾਨਫ਼ਰੰਸ ਵਿਚ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਿਚ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ‘ਤੇ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਤਾੜਨਾ ਕੀਤੇ ਜਾਣ ਤੋਂ ਬਾਅਦ ਭਗਵੰਤ ਮਾਨ ਹੁਣ ਆਪਣੀ ਡੂੰਘੀ ਨੀਂਦ ਤੋਂ ਜਾਗੇ ਹਨ। ਪੰਜਾਬ ‘ਚ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ‘ਆਪ’ ਨੇ ਸਰਕਾਰ ਹੈ, ਉਹ ਹੁਣ ਤੱਕ ਕੀ ਕਰ ਰਹੇ ਸਨ? ਉਨ੍ਹਾਂ ਨੇ ਤਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ। ਬਾਜਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ।

ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਾਹੁੰਦੇ ਹਨ ਕਿ ਨੌਕਰਸ਼ਾਹ ‘ਆਪ’ ਵਿਧਾਇਕਾਂ ਅਤੇ ਨੇਤਾਵਾਂ ਦੀ ਗੱਲ ਸੁਣਨ। ਉਨ੍ਹਾਂ (ਮੁੱਖ ਮੰਤਰੀ) ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਰਕਾਰੀ ਅਧਿਕਾਰੀ ਇੱਥੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਹਨ। ਉਹ ਕਾਨੂੰਨ ਅਨੁਸਾਰ ਕੰਮ ਕਰਨਗੇ। ਸਰਕਾਰੀ ਅਧਿਕਾਰੀ ਆਮ ਆਦਮੀ ਪਾਰਟੀ ਦੇ ਨਿੱਜੀ ਕਰਮਚਾਰੀ ਨਹੀਂ ਹਨ।

ਮੁੱਖ ਮੰਤਰੀ ਨੇ ਆਪਣੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਭ੍ਰਿਸ਼ਟ ਗਤੀਵਿਧੀ ਲਈ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਗੱਲ ਕੀਤੀ ਹੈ ਕਿਉਂਕਿ ਉਹ ਜ਼ਿਲ੍ਹਿਆਂ ਦੇ ਮੁਖੀ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਮੁਖੀ ਹਨ ਅਤੇ ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ। ਬਾਜਵਾ ਨੇ ਕਿਹਾ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਕਿਉਂ ਨਹੀਂ ਠਹਿਰਾਇਆ ਜਾਣਾ ਚਾਹੀਦਾ?

Exit mobile version