ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਮੁਸਾਫਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਨ੍ਹਾਂ ਕਾਰਜ਼ਾਂ ਦੀ ਗੁਣਵੱਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਕੈਬਿਨਟ ਮੰਤਰੀ ਨੇ ਪੀ.ਡਬਲਯੂ.ਡੀ, ਐਮ. ਓ. ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਨਾਜ਼ੁਕ ਪ੍ਰੋਜੈਕਟਾਂ ਨੂੰ ਪੂਰਾ ਕਰਨ, ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਸਥਾਨਕ ਅਥਾਰਟੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਹਾਈਵੇਅ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਯਾਂਕ ਭਾਰਤੀ, ਮੁੱਖ ਇੰਜਨੀਅਰ ਲੋਕ ਨਿਰਮਾਣ ਵਿਭਾਗ (ਬੀ.ਐਂਡ ਆਰ.) ਸ. ਜੇ.ਐਸ. ਤੁੰਗ, ਐਮ.ਓ.ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਨੁਮਾਇੰਦੇ, ਅਤੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Exit mobile version