ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 27 ਜੁਲਾਈ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ `ਤੇ ਸੁਧਾਰ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਲਈ 7.51 ਲੱਖ ਰੁਪਏ ਦੀ ਗ੍ਰਾਂਟ ਭੇਜੀ ਗਈ ਹੈ ਜਿਸ ਨਾਲ ਨਵੇਂ ਕਮਰਿਆਂ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਨਵੇਂ ਕਲਾਸ ਰੂਮ ਬਣਨ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੇ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਕ੍ਰਾਂਤੀ ਵੱਲ ਵੱਡੇ ਕਦਮ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਹਨ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ ਵੱਡੇ ਤੋਂ ਵੱਡੇ ਮੁਕਾਬਲੇ ਦੇ ਇਮਤਿਹਾਨ ਵਿੱਚ ਸਫ਼ਲਤਾ ਹਾਸਲ ਕਰਨਗੇ। ਇਸ ਮੌਕੇ ਉਨ੍ਹਾਂ ਪਿੰਡ ਹਰਦੋ ਬਥਵਾਲਾ ਦੇ ਵਸਨੀਕਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਨੂੰ ਪਹਿਲ ਦੇਣ।

Exit mobile version