ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਕੁਲਦੀਪ ਸਿੰਘ ਧਾਲੀਵਾਲ

ਗੁਰਦਾਸਪੁਰ, 30 ਜੁਲਾਈ 2024 (ਦੀ ਪੰਜਾਬ ਵਾਇਰ )। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਸ਼ਵਨੀ ਅਰੋੜਾ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਜਰੀਏ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਵਿਕਾਸ ਕਾਰਜਾਂ ਵਿੱਚ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨਰੇਗਾ ਯੋਜਨਾ ਤਹਿਤ ਪਿੰਡਾਂ ਦੇ ਵੱਧ ਤੋਂ ਵੱਧ ਵਿਕਾਸ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੇ ਥਾਪਰ ਮਾਡਲ ਛੱਪੜਾਂ ਦਾ ਜੇ ਕੋਈ ਬਕਾਇਆ ਕੰਮ ਰਹਿ ਗਿਆ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਟੀਮ ਦੇ ਨਾਲ ਪਿੰਡਾਂ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕੇ ਉੱਪਰ ਜਾ ਕੇ ਮੁਆਇਨਾ ਵੀ ਕਰਨਗੇ।

ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੇ ਸੁਧਾਰ ਲਈ ਪੌਦੇ ਲਗਾਉਣ ਦੀ ਚਲਾਈ ਰਹੀ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸੰਭਾਲ ਕਰਨੀ ਹੋਰ ਵੀ ਜ਼ਰੂਰੀ ਹੈ ਇਸ ਲਈ ਪੌਦਿਆਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਕਿੱਤੇ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ ਅਤੇ ਰਾਜ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਰੀਵਿਊ ਵੀ ਕੀਤਾ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Exit mobile version