ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਹੰਕਾਰ ਦੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ ‘ਚ ਪਾਇਆ: ਬਾਜਵਾ

ਚੰਡੀਗੜ੍ਹ, 30 ਜੁਲਾਈ 2024 (ਦੀ ਪੰਜਾਬ ਵਾਇਰ)। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ ‘ਤੇ ਲਗਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪ੍ਰਧਾਨ ਮੰਤਰੀ ਸਕੂਲ ਫ਼ਾਰ ਰਾਈਜ਼ਿੰਗ ਇੰਡੀਆ (ਪੀ.ਐੱਮ. ਸ਼੍ਰੀ) ਸਕੀਮ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ, ਜਿਸ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬੇ ਨੂੰ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.) ਤਹਿਤ ਫ਼ੰਡਾਂ ਨੂੰ ਬੰਦ ਕਰ ਦਿੱਤਾ ਸੀ ਕਿਉਂਕਿ ਪੰਜਾਬ ਸਰਕਾਰ ਨੇ ਸਕੂਲ ਅਪਗ੍ਰੇਡ ‘ਚ ਵਿੱਚ ਹਿੱਸਾ ਲੈਣ ਤੋਂ ਮਨਾ ਕਰ ਦਿੱਤਾ ਸੀ।  

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਾਲੇ ਹੰਕਾਰ ਦਾ ਟਕਰਾਅ ਪੰਜਾਬੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਹੁਣ ਐਸਐਸਏ ਤਹਿਤ 515 ਕਰੋੜ ਰੁਪਏ ਮਿਲਣ ਦੀ ਉਮੀਦ ਹੈ। ਹਾਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਤਹਿਤ 600 ਕਰੋੜ ਰੁਪਏ ਅਤੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਤਹਿਤ 7000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ।

ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੀ ‘ਆਪ’ ਸਰਕਾਰ ਨੂੰ ਜ਼ੋਰ ਦੇ ਕੇ ਕਹਿੰਦਾ ਹਾਂ ਕਿ ਉਹ ਆਪਣੀ ਹਉਮੈ ਨੂੰ ਇੱਕ ਪਾਸੇ ਰੱਖ ਕੇ ਕੇਂਦਰੀ ਸਿਹਤ ਮੰਤਰਾਲੇ ਦੇ ਨਿਯਮਾਂ ਦੀ ਪਾਲਨਾ ਕਰੇ ਤਾਂ ਜੋ ਪੰਜਾਬੀਆਂ ਦੇ ਲਾਭ ਲਈ ਐਨਐਚਐਮ ਤਹਿਤ ਫ਼ੰਡ ਜਾਰੀ ਕੀਤੇ ਜਾ ਸਕਣ।

Exit mobile version