ਚੇਅਰਮੈਨ ਰਮਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦੇ ਐਲਾਨ ਦਾ ਸਵਾਗਤ ਕੀਤਾ

ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 9 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪੈਰਿਸ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਟੀਮ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਵਾਰ ਫਿਰ ਦੇਸ ਦੇ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਹੋਰ ਵੀ ਮਾਣ ਦੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਿਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਾ ਕੇ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਖੇਡਾਂ ਦੇ ਖੇਤਰ ਵੱਲ ਸੁਹਿਰਦਤਾ ਨਹੀਂ ਦਿਖਾਈ ਗਈ ਜਿਸ ਕਾਰਨ ਨੌਜਵਾਨ ਖੇਡਾਂ ਤੋਂ ਦੂਰ ਹੋ ਗਏ ਸਨ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਖੇਡਾਂ ਵਰਗੇ ਅਤਿ-ਅਹਿਮ ਖੇਤਰ ਨੂੰ ਸਿਰਫ਼ ਮਨੋਰੰਜਨ ਤੱਕ ਹੀ ਸੀਮਤ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਹੁਣ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਜ਼ਿੰਮੇਵਾਰੀ ਲਈ ਹੈ ਜਿਸਦੇ ਵਧੀਆ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

Exit mobile version