ਗੁਰਦਾਸਪੁਰ, 12 ਸਤੰਬਰ 2024 (ਦੀ ਪੰਜਾਬ ਵਾਇਰ)। ਪੀਸੀਐਮਐਸ ਐਸੋਸੀਏਸ਼ਨ ਵੱਲੋਂ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਦੇ ਐਲਾਨ ਕਾਰਨ ਅੱਜ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਕਾਰਨ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਓਪੀਡੀ ਨੂੰ ਪੂਰਾ ਦਿਨ ਬੰਦ ਰੱਖਿਆ ਗਿਆ। ਹੜਤਾਲ ਬਾਰੇ ਜਾਣਕਾਰੀ ਨਾ ਮਿਲਣ ਕਾਰਨ ਹਸਪਤਾਲ ਵਿੱਚ ਪੁੱਜੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਡਾਕਟਰਾਂ ਦੇ ਕੰਮ ‘ਤੇ ਵਾਪਸ ਆਉਣ ਤੱਕ ਇੰਤਜ਼ਾਰ ਕਰਨਾ ਪਿਆ। ਹਾਲਾਕਿ ਇਸ ਸੰਬੰਧੀ ਗੁਰਦਾਸਪੁਰ ਦੇ ਸਿਵਲ ਸਰਜਨ ਡਾ ਭਾਰਤ ਭੂਸ਼ਣ ਦਾ ਕਹਿਣਾ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ ਅਤੇ ਮਰੀਜਾ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਡਾ.ਕੇ.ਪੀ.ਸਿੰਘ ਨੇ ਕਿਹਾ ਕਿ ਪਹਿਲਾਂ ਹੜਤਾਲ ਅੱਧੇ ਦਿਨ ਲਈ ਹੁੰਦੀ ਸੀ, ਪਰ ਹੁਣ ਪੂਰੇ ਦਿਨ ਲਈ ਹੜਤਾਲ ਕੀਤੀ ਜਾ ਰਹੀ ਹੈ। ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਬੀਤੇ ਦਿਨ ਸਰਕਾਰ ਨਾਲ ਸਬ-ਕਮੇਟੀ ਦੀ ਮੀਟਿੰਗ ਹੋਈ। ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੰਨ ਲਿਆ ਪਰ ਕੋਈ ਲਿਖਤੀ ਪੱਤਰ ਨਹੀਂ ਦਿੱਤਾ ਗਿਆ। ਲਿਖਤੀ ਚਿੱਠੀ ਦੀ ਸ਼ਾਮ ਤੱਕ ਉਡੀਕ ਕਰਦੇ ਰਹੇ। ਸ਼ਾਮ ਨੂੰ ਸਮੁੱਚੇ ਪੰਜਾਬ ਦੀਆਂ ਜੱਥੇਬੰਦੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਜਦੋਂ ਤੱਕ ਲਿਖਤੀ ਪੱਤਰ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਇਹ ਹੜਤਾਲ ਅੱਧੇ ਦਿਨ ਲਈ ਨਹੀਂ ਸਗੋਂ ਪੂਰੇ ਦਿਨ ਲਈ ਕੀਤੀ ਜਾਵੇਗੀ।