ਕਿਸਾਨ ‘ਵਾਤਾਵਰਨ ਦੇ ਰਾਖੇ ’ ਵਜੋਂ ਮੋਹਰੀ ਭੂਮਿਕਾ ਨਿਭਾਉਣ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਸ਼ਨਰ ਵਲੋਂ ‘ਹਾਟ ਸਪੋਟ ’ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗ

ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਬਟਾਲਾ 12 ਸਤੰਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦਾ ਯੋਗ ਇਸਤੇਮਾਲ ਯਕੀਨੀ ਬਣਾਇਆ ਜਾਵੇ।

ਅੱਜ ਬਟਾਲਾ ਤਹਿਸੀਲ ਦੇ ਪਿੰਡਾਂ ਚੌਧਰੀਵਾਲ, ਐਨੇਕੋਟ ਤੇ ਬੱਦੋਵਾਲ ਵਿਖੇ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਖਾਸਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ਕੋਲੋ ਅੱਗ ਲਗਾਉਣ ਦੇ ਕਾਰਨਾਂ ਦੀ ਜਾਣਕਾਰੀ ਲਈ। ਕਿਸਾਨਾਂ ਦੱਸਿਆ ਕਿ ਕੋ-ਆਪਰੇਟਿਵ ਸੁਸਾਇਟੀ ਅਤੇ ਖੇਤੀ ਮਸ਼ੀਨਰੀ ਦੇ ਸਾਧਨ ਮੁਹੱਈਆ ਹੋ ਜਾਣ ਨਾਲ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਇਥੇ ਆਉਣ ਦਾ ਮਕਸਦ ਇਹੀ ਹੈ ਕਿ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ। ਉਨਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾ ਨੂੰ ਸੁਪਰਸੀਡਰ, ਬੇਲਰ ਸਮੇਤ ਲੋੜੀਦੇ ਖੇਤੀ ਸਾਧਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋ-ਆਪਰੇਟਿਵ ਸੁਸਾਇਟੀ ਖੋਲਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਤਾਂ ਜੋ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਖਰੀਦਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪਹਿਲਾ ਦੇਸ਼ ਨੂੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਉਣ ਵਿਚ ਵੱਡਾ ਰੋਲ ਅਦਾ ਕੀਤਾ, ਜਦਕਿ ਵਰਤਮਾਨ ਸਮੇਂ ਵੀ ਪੰਜਾਬ ਦੇ ਕਿਸਾਨ ਵਾਤਾਵਰਣ ਸੰਭਾਲ ਲਈ ਰਾਹ ਦਸੇਰੇ ਦੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਨਾਲ ਹੋਣ ਵਾਲੇ ਲਾਭਾਂ ਬਾਰੇ ਵੱਧ ਤੋਂ ਵੱਖ ਜਾਣੂ ਕਰਵਾਇਆ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਾਮੀ ਸੀਜ਼ਨ ਦੌਰਾਨ ’ਜ਼ੀਰੋ ਸਟਬਲ ਬਰਨਿੰਗ’ ਵਾਲੇ ਪਿੰਡਾਂ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਦਾ ਸਹੀ ਨਿਪਟਾਰਾ ਕਰਨ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਅਤੇ ਵਿਭਾਗੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਕਿਸਾਨੀ ਨੂੰ ਆ ਰਹੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।

ਇਸ ਮੌਕੇ ਉਨ੍ਹਾਂ ਅਗਾਂਹਵਧੂ ਕਿਸਾਨਾਂ ਜਿੰਨਾ ਵਲੋਂ ਪਿਛਲੇ ਸਾਲ ਨਾੜ ਨੂੰ ਅੱਗ ਨਹੀਂ ਲਗਾਈ ਸੀ, ਉਨਾਂ ਨੂੰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਦਾ ਜਿਲਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਸਰਕਾਰੀ ਦਫਤਰਾਂ ਵਿੱਚ ਅਗਾਂਹਵਧੂ ਕਿਸਾਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਭਰੋਸਾ ਦਿੱਤਾ ਗਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।

ਉਪਰੰਤ ਡਿਪਟੀ ਕਮਿਸ਼ਨਰ ਵਲੋਂ ਚੌਧਰੀਵਾਲ ਦੇ ਕਿਸਾਨ ਅਮਨਦੀਪ ਸਿੰਘ ਦੇ ਖੇਤ ਦਾ ਦੌਰਾ ਕੀਤਾ। ਅਮਨਦੀਪ ਸਿੰਘ ਨੇ ਦੱਸਿਆ ਕਿ ਉਸਨੇ ਨਾੜ ਨੂੰ ਅੱਗ ਨਾ ਲਗਾ ਕੇ ਝੋਨੇ ਦੀ ਫਸਲ ਬੀਜੀ ਸੀ ਤੇ ਫਸਲ ਬਹੁਤ ਵਧੀਆ ਹੋਈ ਹੈ। ਉਸਨੇ ਦੂਜੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਏ ਬਗੈਰ ਕਣਕ ਜਾਂ ਝੋਨੇ ਦੀ ਕਾਸ਼ਤ ਕਰਨ।

ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ, ਸੁਰਿੰਦਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਹਰਕ੍ਰਿਸ਼ਨ ਸਿੰਘ ਡੀ.ਐਸ.ਪੀ, ਬੀਡੀਪੀਓ ਸੁਖਜੀਤ ਕੌਰ, ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਦਿਲਰਾਜ ਸਿੰਘ ਏ.ਡੀ.ਓ. ਪਰਮਬੀਰ ਸਿੰਘ ਕਾਹਲੋਂ ਖੇਤੀਬਾੜੀ ਅਫਸਰ, ਜੋਬਨਜੀਤ ਸਿੰਘ ਏ.ਡੀ.ਓ, ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Exit mobile version