ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਡਾਕਟਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਘੜੀ ਜਾ ਰਹੀ ਹੈ, ਰੂਪ-ਰੇਖਾ: ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੀ.ਸੀ.ਐਮ.ਐਸ.ਏ. ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ੍ਹ, 14 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ।
ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਦੀ ਅਗਵਾਈ ਵਾਲੇ ਵਫ਼ਦ ਨਾਲ ਹੰਗਾਮੀ ਮੀਟਿੰਗ ਕਰਕੇ ਡਾਕਟਰਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬੇਸ਼ੱਕ ਕੇਂਦਰ ਸਰਕਾਰ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰੇ ਜਾਂ ਨਾ ਕਰੇ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਸੀ.ਐਮ.ਐਸ.ਏ. ਦੀਆਂ ਪ੍ਰਵਾਨਿਤ ਮੰਗਾਂ ਨੂੰ ਲਾਗੂ ਕਰਨ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਮਰੀਜ਼ਾਂ ਦੀ ਭਲਾਈ ਹੈ ਅਤੇ ਕੋਈ ਵੀ ਮਰੀਜ਼ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਸਿਹਤ ਮੰਤਰੀ ਨੇ ਦੱਸਿਆ ਕਿ ਭਾਵੇਂ ਕੈਬਨਿਟ ਸਬ-ਕਮੇਟੀ ਇਸ ਬੁੱਧਵਾਰ ਹੜਤਾਲ ‘ਤੇ ਬੈਠੇ ਡਾਕਟਰਾਂ ਦੀਆਂ ਮੰਗਾਂ ‘ਤੇ ਪਹਿਲਾਂ ਹੀ ਸਹਿਮਤ ਹੋ ਚੁੱਕੀ ਹੈ ਪਰ ਫਿਰ ਵੀ ਉਹ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਜਿਵੇਂ ਕਿ ਡਾਇਨਾਮਿਕ ਅਸ਼ੋਰਡ ਕਰੀਅਰ ਪ੍ਰੋਗਰੇਸ਼ਨ (ਡੀ.ਏ.ਸੀ.ਪੀ.) ਦੀ ਬਹਾਲੀ ਆਦਿ ਜਲਦ ਪੂਰੀਆਂ ਕੀਤੀਆਂ ਜਾਣਗੀਆਂ।
ਪੀ.ਸੀ.ਐਮ.ਐਸ.ਏ. ਦੀਆਂ ਹੋਰ ਮੰਗਾਂ ‘ਤੇ ਚਰਚਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਖੁਦ ਦਾ ਇਹ ਵਿਚਾਰ ਹੈ ਕਿ ਡਾਕਟਰਾਂ ਦੀ ਤਰੱਕੀ ਨੂੰ ਸਮਾਂ ਲੱਗਦਾ ਹੈ ਅਤੇ ਉਨ੍ਹਾਂ ਦੀ ਪਹਿਲੀ ਤਰੱਕੀ ਜ਼ਿਆਦਾਤਰ ਪੰਜਾਹ ਸਾਲ ਦੀ ਉਮਰ ਵਿਚ ਹੁੰਦੀ ਹੈ, ਜਿਸ ਕਰਕੇ ਉਹ ਐਸ.ਐਮ.ਓਜ਼ ਦੀਆਂ ਅਸਾਮੀਆਂ ਵਧਾਉਣ ਲਈ ਕੰਮ ਕਰ ਰਹੇ ਹਨ ਤਾਂ ਜੋ ਇਸ ਖੜੋਤ ਨੂੰ ਦੂਰ ਕਰਦਿਆਂ ਡਾਕਟਰਾਂ ਨੂੰ ਸਮੇਂ ਸਿਰ ਤਰੱਕੀ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 1390 ਡਾਕਟਰਾਂ ਦੀ ਭਰਤੀ ਕਰਨ ਦੀ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚੋਂ 400 ਅਸਾਮੀਆਂ ਦਾ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਸਪਤਾਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਲਗਾਏ ਜਾ ਰਹੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਪੀ.ਸੀ.ਐਮ.ਐਸ.ਏ. ਦੀਆਂ ਮੰਗਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਸੀ.ਐਮ.ਐਸ.ਏ. ਦੀਆਂ ਜ਼ਿਆਦਾਤਰ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਅਗਲੇ ਹਫ਼ਤੇ ਤੱਕ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਪੀ.ਸੀ.ਐਮ.ਐਸ.ਏ. ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਆਪਣੀਆਂ ਮੰਗਾਂ ਬਾਰੇ ਸਿਹਤ ਮੰਤਰੀ ਵੱਲੋਂ ਦਿੱਤੇ ਭਰੋਸੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਤੁਰੰਤ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੜਤਾਲ ਕਾਰਨ ਮਰੀਜ਼ਾਂ ਨੂੰ ਹੋਈ ਅਸੁਵਿਧਾ ਦੀ ਭਰਪਾਈ ਲਈ ਮਰੀਜ਼ਾਂ ਪ੍ਰਤੀ ਹਮਦਰਦੀ ਵਜੋਂ ਪੀ.ਸੀ.ਐੱਮ.ਐੱਸ.ਏ. ਨੇ ਓ.ਪੀ.ਡੀ. ਦਾ ਸਮਾਂ ਦੋ ਘੰਟੇ ਵਧਾਉਣ ਦਾ ਫੈਸਲਾ ਕੀਤਾ ਹੈ।
ਮੀਟਿੰਗ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।