ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸੀਆਂ ਦਾ ਪੰਜਾਬ ਸਰਕਾਰ ਖਿਲਾਫ ਕੱਢਿਆ ਗੁੱਸਾ

ਰੋਸ ਮਾਰਚ ਕੱਢ ਕੇ ਡੀਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ, ਮੰਗ ਪੱਤਰ ਸੌਂਪਿਆ

ਗੁਰਦਾਸਪੁਰ, 17 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਉਲੀਕੇ ਗਏ ਪ੍ਰੋਗ੍ਰਾਮ ਤਹਿਤ ਗੁਰਦਾਸਪੁਰ ਕਾਂਗਰਸ ਨੇ ਡੀਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ। ਸਿਟੀ ਪ੍ਰਧਾਨ ਰੰਜਨ ਸ਼ਰਮਾ ਰੰਜੂ ਅਤੇ ਬਲਾਕ ਪ੍ਰਧਾਨ ਦਿਹਾਤੀ ਪਰਮਜੀਤ ਸਿੰਘ ਕਾਦੀਆਂਵਾਲੀ ਦੀ ਪ੍ਰਧਾਨਗੀ ਹੇਠ ਦਿੱਤੇ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਕਾਂਗਰਸ ਭਵਨ ਤੋਂ ਡੀਐਸਪੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਸਬ ਡਵੀਜ਼ਨ ਗੁਰਦਾਸਪੁਰ ਦੇ ਡੀਐਸਪੀ ਨੂੰ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਮੰਗ ਪੱਤਰ ਵੀ ਸੌਂਪਿਆ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਪਾਹੜਾ ਨੇ ਕਿਹਾ ਕਿ ਸੂਬੇ ਵਿੱਚ ਦਿਨ-ਦਿਹਾੜੇ ਲੁੱਟ-ਖੋਹ ਅਤੇ ਕਤਲ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਦਾ ਹਰ ਪਿੰਡ ਅਤੇ ਸ਼ਹਿਰ ਅਮਨ-ਕਾਨੂੰਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਗੈਂਗਵਾਰ ਅਤੇ ਲੁੱਟ-ਖੋਹ ਦੀਆਂ ਇਨ੍ਹਾਂ ਘਟਨਾਵਾਂ ਨੇ ਆਮ ਲੋਕਾਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਸ ਕਾਰਨ ਆਮ ਵਰਗ ਅਤੇ ਵਪਾਰੀ ਵਰਗ ਲਈ ਆਪਣੇ ਘਰਾਂ ਅਤੇ ਕੰਮ-ਕਾਜ ਤੋਂ ਬਾਹਰ ਸੁਰੱਖਿਅਤ ਮਹਿਸੂਸ ਕਰਨਾ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਕਾਨੂੰਨ ਵਿਵਸਥਾ ਦੀ ਢਿੱਲ ਕਾਰਨ ਗੈਂਗਸਟਰਾਂ ਅਤੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਲੋਕਾਂ ਦੇ ਘਰਾਂ ‘ਚ ਵੜ ਕੇ ਕਤਲ ਕੀਤੇ ਜਾ ਰਹੇ ਹਨ। ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਭ ਕੁਝ ਆਪਣੀਆਂ ਅੱਖਾਂ ਸਾਹਮਣੇ ਹੁੰਦਾ ਦੇਖ ਕੇ ਸੂਬੇ ਦਾ ਕਾਨੂੰਨ ਪ੍ਰਸ਼ਾਸਨ ਹੱਥ ਜੋੜ ਕੇ ਬੈਠਾ ਤਮਾਸ਼ਾ ਦੇਖ ਰਿਹਾ ਹੈ। ਸੜਕਾਂ ‘ਤੇ ਬੰਦੂਕ ਦੀ ਨੋਕ ‘ਤੇ ਆਮ ਲੋਕਾਂ ਨੂੰ ਲੁੱਟਿਆ ਜਾਂਦਾ ਹੈ। ਵਪਾਰੀ ਵਰਗ ਨੂੰ ਹਰ ਰੋਜ਼ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵੱਲ ਜਲਦੀ ਤੋਂ ਜਲਦੀ ਧਿਆਨ ਦੇ ਕੇ ਕੋਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਇਸ ਮੌਕੇ ਲੇਬਰਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰੰਜੂ ਸ਼ਰਮਾ, ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਤੋਂ ਇਲਾਵਾ ਸ਼ਹਿਰ ਦੇ ਸਮੂਹ ਕੌਂਸਲਰ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ।

Exit mobile version