“ਜ਼ਿਲ੍ਹਾ ਪ੍ਰਸ਼ਾਸਨ, ਪਰਾਲੀ ਪ੍ਰਬੰਧਨ ਲਈ ਮੈਦਾਨ ‘ਚ ਸਰਗਰਮ”

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 2 ਅਕਤੂਬਰ 2024 (ਦੀ ਪੰਜਾਬ ਵਾਇਰ ) ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲੱਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ ਉਤਰਿਆ ਹੋਇਆ ਹੈ।

ਅੱਜ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਵਲੋਂ ਪਿਛਲੇ ਸਾਲ ਹਾਟ ਸਪਾਟ ਰਹੇ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਦੇਹੜ ਗਵਾਰ, ਢਿੱਲਵਾਂ, ਸ਼ਿਕਾਰ, ਪੱਡਾ, ਪੰਨਵਾਂ, ਤਲਵੰਡੀ ਹਿੰਦੂਆਂ, ਸਿੰਘਪੁਰਾ, ਧਰਮਾਬਾਦ, ਅਤੇ ਸ਼ਾਮਪੁਰਾ ਵਿਖੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਐਸਡੀਐਮ, ਰਾਜਪਾਲ ਸਿੰਘ ਸੇਖੋਂ, ਡੀਐਸਪੀ ਜਸਬੀਰ ਸਿੰਘ, ਨਾਇਬ ਤਹਿਸੀਲਦਾਰ, ਅਮਨਦੀਪ ਸਿੰਘ,ਵਏਡੀਓ ਗੁਰਪ੍ਰਤਾਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼, ਡੀ ਐਸ ਪੀਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।

ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਖਾਸਕਰਕੇ ਬੇਲਰ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਪਿੰਡਾਂ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਉੱਨਤ ਐਪ ਤੇ ਰਜਿਸਟਰਡ ਹੋਣ ਲਈ ਵੀ ਕਿਹਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਦਾ ਹੈ। ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਮਿੱਤਰ ਕੀੜੇ ਮਰਦੇ ਹਨ ਅਤੇ ਸੜਕੀ ਹਾਦਸਿਆਂ ਵਿੱਚ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਅੰਦਰ ਫਸਲ ਦੀ ਅਦਾਇਗੀ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਫਸਲ ਦੀ ਕਟਾਈ ਰਾਤ ਨੂੰ ਨਾ ਕਰਨ। ਉਨ੍ਹਾਂ ਦੱਸਿਆ ਕਿ ਕੰਬਾਇਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਚਲਾਈ ਜਾਵੇ ਅਤੇ ਕੰਬਾਇਨ ਮਗਰ ਸੁਪਰ ਐਸਐਮਐਸ ਲਗਾ ਕੇ ਹੀ ਕਟਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਝੋਨਾ ਮੰਡੀਆਂ ਵਿੱਚ ਸੁੱਕਾ ਲਿਆਂਦਾ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

FacebookTwitterEmailWhatsAppTelegramShare
Exit mobile version