ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਡੇਰਾਬਸੀ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ।

ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ ‘ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ।ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਇਸ ਮੌਕੇ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।

FacebookTwitterEmailWhatsAppTelegramShare
Exit mobile version