‘ਜਲਾਨਾ ਨਹੀਂ, ਗਲਾਨਾ ਹੈ’: ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗ-ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਲਈ ਕੀਤੀ ਅਪੀਲ

ਬਟਾਲਾ, 30 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਗੱਲ ਕਰਦਿਆਂ, ਵਿਕਰਮਜੀਤ ਸਿੰਘ, ਐਸਡੀਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਹੀ ਵਾਹੁਣ ਅਤੇ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਲਰਾਂ ਰਾਹੀ ਪਰਾਲੀ ਇੱਕਠੀ ਕਰਨ ਦਾ ਰੁਝਾਨ ਵਧਿਆ ਹੈ ਅਤੇ ਅਤੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। 

ਐਸਡੀਐਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਵੱਧ ਤੋਂ ਵੱਧ ਪਰਾਲੀ ਪ੍ਬੰਧਨ ਲਈ ਅੱਗੇ ਆਉਣ। ਕਿਸਾਨ, ਆਪਣੀ ਤੇ ਸਮਾਜ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ।

ਇਸ ਮੌਕੇ ਫੀਡਬੈਕ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਦੇ ਅਧਿਕਾਰੀ ਸ੍ਰੀ ਬੀਜੇਂਦਰ ਨੇ ਦੱਸਿਆ ਉਨ੍ਹਾਂ ਵਲੋਂ ਜਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ 95 ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ, ਪਰਾਲੀ ਨਾ ਸਾੜਨ ਦੇ ਲਾਭ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਵਰਤਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

FacebookTwitterEmailWhatsAppTelegramShare
Exit mobile version