4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫ਼ਤਾਰ

ਗੁਰਦਾਸਪੁਰ, 20 ਦਸੰਬਰ, 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

FacebookTwitterEmailWhatsAppTelegramShare
Exit mobile version