ਦਿੱਲੀ ਦੀ ਜਨਤਾ ਇੱਕ ਵਾਰ ਫਿਰ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ – ਰਮਨ ਬਹਿਲ
ਗੁਰਦਾਸਪੁਰ, 29 ਜਨਵਰੀ 2025 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਕਸਤੂਰਬਾਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਰਮੇਸ਼ ਪਹਿਲਵਾਨ ਦੀ ਜਿੱਤ ਲਈ ਮੋਰਚਾ ਸੰਭਾਲ ਲਿਆ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਕਸਤੂਰਬਾਨਗਰ ਵਿਖੇ ਆਪ ਉਮੀਦਵਾਰ ਸ੍ਰੀ ਰਮੇਸ਼ ਪਹਿਲਵਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕੁਸਮ ਲਤਾ ਰਮੇਸ਼ ਜੋ ਵਾਰਡ ਨੰਬਰ 147 ਦੇ ਕੌਂਸਲਰ ਹਨ ਦੇ ਨਾਲ ਉਨ੍ਹਾਂ ਦੇ ਹੱਕ ਵਿੱਚ ਮੀਟਿੰਗਾਂ ਤੇ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨ ਬਾਰੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਦਿੱਲੀ ਦੇ ਲੋਕ ਇੱਕ ਵਾਰ ਫਿਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਦਿੱਲੀ ਵਿੱਚ ਇਸ ਵਾਰ ਵੀ ਝਾੜੂ ਹੀ ਚੱਲੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਪ ਸਰਕਾਰ ਨੇ ਦਿੱਲੀ ਵਿੱਚ ਸਿਹਤ, ਸਿੱਖਿਆ ਸਮੇਤ ਹਰ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ ਅਤੇ ਦਿੱਲੀ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਕਹਿਣੀ ਤੇ ਕਥਨੀ ਦੇ ਪੂਰੇ ਹਨ ਅਤੇ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ ਉਹ ਪੂਰੀਆਂ ਕੀਤੀਆਂ ਹਨ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਤੇ ਕਾਂਗਰਸ ਪਾਰਟੀ ਕੋਲ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤੇ ਭਾਜਪਾ ਨੂੰ ਸਭ ਤੋਂ ਵੱਡਾ ਖ਼ਤਰਾ ਸ੍ਰੀ ਅਰਵਿੰਦ ਕੇਜਰੀਵਾਲ ਕੋਲੋਂ ਹੀ ਹੈ ਅਤੇ ਇਹੀ ਕਾਰਨ ਹੈ ਕਿ ਭਾਜਪਾ ਵੱਲੋਂ ਚੋਣਾਂ ਵਿੱਚ ਗ਼ਲਤ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਬਹੁਤ ਸਿਆਣੀ ਹੈ ਅਤੇ ਉਹ ਭਾਜਪਾ ਦੀ ਕੋਈ ਚਾਲ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਜਿੱਤ ਕੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸਰਕਾਰ ਬਣਾਏਗੀ।
