ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ‘AAP’ ਜ਼ਮੀਨ ਤਿਆਰ ਕਰ ਰਹੀ ਹੈ: ਬਾਜਵਾ

ਚੰਡੀਗੜ੍ਹ, 10 ਫਰਵਰੀ 2025 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਤੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਤਲਬ ਕੀਤੇ ਜਾਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਸਪਸ਼ਟ ਤੌਰ ‘ਤੇ ਕਿਹਾ ਕਿ ‘ਆਪ’ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਜ਼ਮੀਨ ਤਿਆਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦਿੱਲੀ ‘ਚ ਹਾਲ ਹੀ ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਅਜਿਹਾ ਲੱਗਦਾ ਹੈ ਕਿ ‘ਆਪ’ ਪੰਜਾਬ ‘ਚ ਬਚਾਅ ਮੋਡ ‘ਚ ਹੈ। ਝਾੜੂ ਪਾਰਟੀ ਨੇ ਸਰਹੱਦੀ ਸੂਬੇ ਵਿੱਚ ਆਪਣੇ ਵਿਨਾਸ਼ਕਾਰੀ ਭਵਿੱਖ ਦਾ ਅਨੁਮਾਨ ਲਾ ਲਿਆ ਹੈ। ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਨੇ ਪੰਜਾਬ ਵਿਚ ਆਪਣੀ ਸਰਕਾਰ ਬਚਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਅਤੇ ਸ਼ਾਇਦ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਯੋਗ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ, ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ, ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਮੇਤ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਸ ਲਈ ਮਾਨ ਦਾ ਮੁੱਖ ਮੰਤਰੀ ਦਾ ਅਹੁਦਾ ਪਹਿਲਾਂ ਹੀ ਦਾਅ ‘ਤੇ ਲੱਗਾ ਹੋਇਆ ਸੀ।

ਕੈਬਨਿਟ ਮੀਟਿੰਗ ਨੂੰ ਇੱਕ ਵਾਰ ਫਿਰ ਮੁਲਤਵੀ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੀ ਕੈਬਨਿਟ ਮੀਟਿੰਗ 5 ਅਕਤੂਬਰ ਨੂੰ ਹੋਈ ਸੀ। ਪੰਜਾਬ ਨਾਲ ਜੁੜੇ ਮੁੱਦਿਆਂ ਪ੍ਰਤੀ ‘ਆਪ’ ਸਰਕਾਰ ਦੇ ਢਿੱਲੇ ਰਵੱਈਏ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਪਿਛਲੇ ਚਾਰ ਮਹੀਨਿਆਂ ਤੋਂ ਕੈਬਨਿਟ ਦੀ ਮੀਟਿੰਗ ਬੁਲਾਉਣ ਦੀ ਖੇਚਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀਵਾਲੀਆ ਹੋਣ ਦੀ ਕਗਾਰ ‘ਤੇ ਹੈ। ਇਸ ਤੋਂ ਇਲਾਵਾ ਸੂਬੇ ‘ਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਵਰਗੇ ਹੋਰ ਮਾਮਲੇ ਵੀ ਸਾਹਮਣੇ ਆ ਰਹੇ ਹਨ। ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਆਸਟਰੇਲੀਆ ਦੌਰੇ ਅਤੇ ਦਿੱਲੀ ‘ਚ ਪਾਰਟੀ ਦੀਆਂ ਮੀਟਿੰਗਾਂ ਵਰਗੇ ਗੈਰ-ਮਹੱਤਵਪੂਰਨ ਕੰਮਾਂ ‘ਚ ਰੁੱਝੇ ਹੋਏ ਹਨ।

Exit mobile version