ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਦਾ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 18 ਫਰਵਰੀ 2025 (ਦੀ ਪੰਜਾਬ ਵਾਇਰ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅਤੇ ਆਪਣੇ ਕਾਰਡ ਨਹੀਂ ਬਣਾਏ ਉਹ ਤੁਰੰਤ ਆਪਣੇ ਕਾਰਡ ਬਣਵਾ ਲੈਣ ਤਾਂ ਜੋ ਲੋੜ ਪੈਣ ’ਤੇ ਉਹ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ।


ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅੱਜ ਆਪਣੇ ਦਫ਼ਤਰ ਵਿਖੇ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਬਣੇ ਕਾਰਡਾਂ ਸਬੰਧੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ 100 ਫ਼ੀਸਦੀ ਸਿਹਤ ਬੀਮਾ ਕਾਰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ ਕਾਰਡ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਕਵਰ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ   ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 25 ਨਿੱਜੀ ਹਸਪਤਾਲ ਤੇ 12 ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਇਨ੍ਹਾਂ ਸੂਚੀਬੱਧ ਹਸਪਤਾਲਾਂ ਤੋਂ ਲੋੜ ਪੈਣ ’ਤੇ 5 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾ ਸਕਦੇ ਹਨ।

Exit mobile version