ਅੰਮ੍ਰਿਤਸਰ, 7 ਮਾਰਚ, 2025 (ਦੀ ਪੰਜਾਬ ਵਾਇਰ)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ Giani Raghbir Singh ਅਤੇ ਤਖ਼ਤ Sri Keshgarh Sahib ਦੇ ਜਥੇਦਾਰ Giani Sultan Singh ਨੂੰ ਸੇਵਾਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ, ਤਖ਼ਤ ਕੇਸਗੜ੍ਹ ਸਾਹਿਬ ਅਤੇ ਤਖ਼ਤ ਦਮਦਮਾ ਸਾਹਿਬ ਦੇ ਨਵੇਂ ਜਥੇਦਾਰਾਂ ਦੀ ਵੀ ਨਿਯੁਕਤੀ ਕਰ ਦਿੱਤੇ ਜਾਣ ਦੀ ਖ਼ਬਰ ਹੈ।
ਇਹ ਸਮਝਿਆ ਜਾ ਰਿਹਾ ਸੀ ਕਿ ਅੰਤਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ ਪਰ ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ‘ਬਰਖ਼ਾਸਤ’ ਕਰਨ ਬਾਰੇ ਫ਼ੈਸਲਾ ਲੈ ਲਿਆ ਗਿਆ ਹੈ।
ਇਹ ਜਾਣਕਾਰੀ ਵਿਰੋਧੀ ਧੜੇ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ:ਜਸਵੰਤ ਸਿੰਘ ਪੁੜੈਣ ਨੇ ਦਿੰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਣੇ ਰਹਿਣਗੇ ਅਤੇ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
ਇਸ ਦੇ ਨਾਲ ਹੀ ਤਿੰਨਾਂ ਤਖ਼ਤਾਂ ਦੇ ਜਥੇਦਾਰਾਂ ਦੀਆਂ ਨਵੀਂਆਂ ਨਿਯੁਕਤੀਆਂ ਕਰਨ ਬਾਰੇ ਵੀ ਫ਼ੈਸਲਾ ਲਏ ਜਾਣ ਦੀ ਖ਼ਬਰ ਹੈ।
ਸੂਤਰਾਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਐਡੀਸ਼ਨਲ ਚਾਰਜ ਵੀ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਥਾਪਿਆ ਗਿਆ ਹੈ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਅਕਾਲ ਤਖ਼ਤ ਤੋਂ ਅਕਾਲੀ ਆਗੂਆਂ ਖ਼ਿਲਾਫ਼ ਸੁਣਾਏ ਗਏ ਫ਼ੈਸਲਿਆਂ ਤੋਂ ਬਾਅਦ ਅੱਜ ਤਕ ਪੰਜਾਂ ਵਿੱਚੋਂ ਤਿੰਨ ਸਿੰਘ ਸਾਹਿਬਾਨ – ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ – ਹਟਾ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਇਸੇ ਦੌਰਾਨ ਕਥਿਤ ਤੌਰ ’ਤੇ ਦਬਾਅ ਨਾ ਝੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਅਸਤੀਫ਼ਾ ਦੇ ਚੁੱਕੇ ਹਨ ਜਿਸ ਬਾਰੇ ਫ਼ੈਸਲਾ ਅਜੇ ਤਾਂਈਂ ਪੈਂਡਿੰਗ ਰੱਖਿਆ ਗਿਆ ਹੈ।
