ਪੱਟੀ: ਬਾਜਵਾ ਨੇ ਗ੍ਰਹਿ ਵਿਭਾਗ ਨੂੰ ਸੰਭਾਲਣ ਵਿੱਚ ਭਗਵੰਤ ਮਾਨ ਦੀ ਅਸਮਰਥਾ ‘ਤੇ ਸਵਾਲ ਉਠਾਏ।
ਚੰਡੀਗੜ੍ਹ, 15 ਮਾਰਚ 2025 (ਦੀ ਪੰਜਾਬ ਵਾਇਰ)– ਅੰਮ੍ਰਿਤਸਰ ਦੇ ਇੱਕ ਮੰਦਰ ਦੇ ਬਾਹਰ ਧਮਾਕਾ ਹੋਣ ਤੋਂ ਬਾਅਦ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦਾ ਅਸਤੀਫ਼ਾ ਮੰਗਿਆ ਹੈ।
ਉਨ੍ਹਾਂ ਕਿਹਾ ਕਿ ਨਵੰਬਰ ਦੇ ਅੱਧ ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕੇ ‘ਚ ਇਹ 13ਵੀਂ ਅਜਿਹੀ ਘਟਨਾ ਹੈ। ਪਿਛਲੀਆਂ ਘਟਨਾਵਾਂ ਵਿੱਚ, ਪੁਲਿਸ ਥਾਣਿਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਾਜਵਾ ਨੇ ਕਿਹਾ ਕਿ ਇਸ ਘਟਨਾ ‘ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਅੰਮ੍ਰਿਤਸਰ ਦੇ ਠਾਕੁਰ ਦੁਆਰਾ ਮੰਦਰ ਵੱਲ ਧਮਾਕਾਖ਼ੇਜ਼ ਸਮੱਗਰੀ ਸੁੱਟੀ, ਜਿਸ ਨਾਲ ਸੂਬੇ ‘ਚ ਫ਼ਿਰਕੂ ਤਣਾਅ ਪੈਦਾ ਹੋ ਸਕਦਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਪੁਲਿਸ ਵਿਭਾਗ ਸਿੱਧੇ ਤੌਰ ‘ਤੇ ਗ੍ਰਹਿ ਮੰਤਰੀ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਜੋ ਭਗਵੰਤ ਮਾਨ ਕੋਲ ਹੈ। ਇਹ ਲੰਬੇ ਸਮੇਂ ਤੋਂ ਸਥਾਪਤ ਕੀਤਾ ਗਿਆ ਹੈ ਕਿ ਉਹ ਗ੍ਰਹਿ ਵਿਭਾਗ ਨੂੰ ਸੰਭਾਲਣ ਵਿੱਚ ਅਯੋਗ ਰਿਹਾ। ਗ੍ਰਹਿ ਮੰਤਰਾਲਾ ਸੰਭਾਲਣਾ ਪੂਰੇ ਸਮੇਂ ਦਾ ਕੰਮ ਹੈ ਪਰ ਭਗਵੰਤ ਮਾਨ ਇਸ ਨੂੰ ਢਿੱਲਪੁਣੇ ‘ਚ ਹੀ ਲੈਂਦੇ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਉਹ ਅਹੁਦਾ ਛੱਡ ਦੇਣ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਇਨ੍ਹਾਂ ਧਮਾਕਿਆਂ ਲਈ ਪਾਕਿਸਤਾਨ ਸਥਿਤ ਆਈਐਸਆਈ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜੇ ਇਹ ਘਟਨਾਵਾਂ ਆਈਐਸਆਈ ਦਾ ਕੰਮ ਹਨ, ਫਿਰ ਵੀ ਇਹ ਗ੍ਰਹਿ ਵਿਭਾਗ ਦੇ ਅਧੀਨ ਆਉਣ ਵਾਲੀ ਪੰਜਾਬ ਪੁਲਿਸ ਦੇ ਖ਼ੁਫ਼ੀਆ ਤੰਤਰ ਦੀ ਅਸਫਲਤਾ ਵੱਲ ਇਸ਼ਾਰਾ ਕਰਦੀਆਂ ਹਨ। ਉਹ ਆਈਐਸਆਈ ਨੂੰ ਦੋਸ਼ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਬਾਜਵਾ ਨੇ ਕਿਹਾ ਕਿ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਹੈ। ਹਾਲਾਂਕਿ, ਉਹ ਆਪਣੇ ਫ਼ਰਜ਼ ਨਿਭਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ।
ਬਾਜਵਾ ਨੇ ਕਿਹਾ ਕਿ ਮੁੱਕਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਬੇਅਸਰ ਗ੍ਰਹਿ ਮੰਤਰੀ ਸਾਬਤ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।