ਧਰਨਿਆਂ ਕਾਰਨ ਪੰਜਾਬ ਪਛੜ ਗਿਆ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੁਜ਼ਗਾਰ ਹੀ ਇੱਕੋ ਇੱਕ ਕਾਰਗਰ ਹੱਲ  – ਬਲਤੇਜ ਪੰਨੂ

ਨੌਜਵਾਨਾਂ ਦੀਆਂ ਸਮੱਸਿਆਵਾਂ ਸਿਰਫ਼ ਨਸ਼ਿਆਂ ਨੂੰ ਖਤਮ ਕਰਨ ਨਾਲ ਹੀ ਖਤਮ ਨਹੀਂ ਹੋਵੇਗੀ, ਇਸ ਲਈ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਉਣਾ ਪਵੇਗਾ ਅਤੇ ਇਹ ਉਦਯੋਗ ਅਤੇ ਵਪਾਰ ਤੋਂ ਬਿਨਾਂ ਸੰਭਵ ਨਹੀਂ – ਪੰਨੂ

ਚੰਡੀਗੜ੍ਹ, 20 ਮਾਰਚ 2025 (ਦੀ ਪੰਜਾਬ ਵਾਇਰ)– ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਇਸ ਸਮੇਂ ਪੰਜਾਬ ਨਸ਼ਿਆਂ ਵਿਰੁੱਧ ਸਰਬਪੱਖੀ ਲੜਾਈ ਲੜ ਰਿਹਾ ਹੈ। ਇਹ ਲੜਾਈ ਤੁਹਾਡੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ।  ਨਸ਼ਿਆਂ ਖ਼ਿਲਾਫ਼ ਇਹ ਜੰਗ ਸਿਰਫ਼ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਜਾਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਨਾਲ ਖ਼ਤਮ ਨਹੀਂ ਹੋਵੇਗੀ। ਇਸ ਲਈ ਹੋਰ ਕਦਮ ਚੁੱਕਣ ਦੀ ਲੋੜ ਹੈ।

ਆਪ’ ਆਗੂ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਯਕੀਨੀ ਤੌਰ ‘ਤੇ ਲੋਕਾਂ ‘ਚ ਭਰੋਸਾ ਪੈਦਾ ਕਰ ਰਹੀਆਂ ਹਨ, ਪਿਛਲੇ ਇੱਕ ਮਹੀਨੇ ਦੌਰਾਨ ਤੁਸੀਂ ਦੇਖਿਆ ਹੋਵੇਗਾ ਕਿ ਪੁਲਿਸ ਨੇ ਵੱਖ-ਵੱਖ ਖੇਤਰਾਂ ‘ਚ ਨਸ਼ਾ ਤਸਕਰਾਂ ਵਿਰੁੱਧ ਬਹਾਦਰੀ ਅਤੇ ਸੂਝ-ਬੂਝ ਨਾਲ ਕਾਰਵਾਈ ਕੀਤੀ ਹੈ। ਪਰ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਨਾਲ ਇਹ ਸਮੱਸਿਆ ਖ਼ਤਮ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਹੋਵੇਗਾ। ਇਹ ਮੰਗ ਅਤੇ ਸਪਲਾਈ ਦਾ ਮਾਮਲਾ ਹੈ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਭ ਤੋਂ ਜ਼ਰੂਰੀ ਕੰਮ ਰੁਜ਼ਗਾਰ ਪ੍ਰਦਾਨ ਕਰਨਾ ਹੈ। ਜਦੋਂ ਨੌਜਵਾਨਾਂ ਦੇ ਹੱਥੋਂ ਨਸ਼ੇ ਦੀਆਂ ਸੂਈਆਂ ਖੋਹ ਕੇ ਕੰਮ ਅਤੇ ਟਿਫ਼ਨ ਦਿੱਤੇ ਜਾਣਗੇ ਤਾਂ ਉਹ ਜਲਦੀ ਹੀ ਨਸ਼ਾ ਛੱਡ ਦੇਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। 50 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਪਰ ਇਸ ਦੌਰ ਵਿੱਚ ਨਿੱਜੀ ਖੇਤਰ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਉਦਯੋਗੀ ਅਤੇ ਵਪਾਰ ਵਿੱਚ ਭਾਰੀ ਗਿਰਾਵਟ ਆਈ ਹੈ। 2003 ਵਿੱਚ, ਪੰਜਾਬ ਭਾਰਤ ਦੇ ਜੀਡੀਪੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਸੂਬਾ ਸੀ, ਪਰ ਅੱਜ ਇਹ 19ਵੇਂ ਸਥਾਨ ‘ਤੇ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਅਤੇ ਬੇਰੁਜ਼ਗਾਰੀ ਆਪਸ ਵਿੱਚ ਜੁੜੇ ਹੋਏ ਹਨ।  ਬੇਰੁਜ਼ਗਾਰੀ ਨਸ਼ਿਆਂ ਦਾ ਸਭ ਤੋਂ ਵੱਡਾ ਕਾਰਨ ਹੈ। ਹਾਈਵੇਅ ਅਤੇ ਸੜਕਾਂ ਬੰਦ ਹੋਣ ਕਾਰਨ ਉਦਯੋਗ ਅਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।  ਇਸ ਲਈ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਕਿਉਂਕਿ ਪੰਜਾਬ ਦੀਆਂ ਸੜਕਾਂ ਬੰਦ ਕਰਨ ਨਾਲ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਪਵੇਗਾ।  ਪਰ ਇਸ ਨਾਲ ਇੱਥੋਂ ਦੀ ਆਰਥਿਕ ਸਥਿਤੀ ਹੋਰ ਵਿਗੜ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ ਪਰ ਇਸ ਤਰ੍ਹਾਂ ਸੜਕਾਂ ਜਾਮ ਕਰਕੇ ਲੜਾਈ ਨਹੀਂ ਜਿੱਤੀ ਜਾ ਸਕਦੀ। ਇਸ ਕਾਰਨ ਆਮ ਲੋਕ ਅਤੇ ਕਾਰੋਬਾਰੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।

FacebookTwitterEmailWhatsAppTelegramShare
Exit mobile version