ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

 ਚੰਡੀਗੜ੍ਹ, 21 ਮਾਰਚ 2025 (ਦੀ ਪੰਜਾਬ ਵਾਇਰ)– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ  ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। 

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸ਼ੁਰੂ ਕਰਨ ਨਾਲ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਰਾਜਨੀਤਿਕ ਗੱਤੀਵਿਧੀਆਂ ਦਾ ਗਿਆਨ ਹੋਵੇਗਾ ਜੋ ਬੋਲਣ ਅਤੇ ਸੁਣਨ ਵਿੱਚ ਅਸਮਰੱਥ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਿਫਾਰਸ਼ ਕੀਤੀ ਗਈ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦੀ ਇਸ ਸਿਫਾਰਸ਼ ਨੂੰ ਸਵੀਕਾਰ ਕਰਦੇ ਹੋਏ ਅੱਜ ਦੀ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕੀਤਾ ਗਿਆ ਹੈ।

ਡਾ ਬਲਜੀਤ ਕੌਰ ਵੱਲੋਂ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਕੀਤੀ ਗਈ ਅਗਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਨਾਲ ਸੁਣਨ ਅਤੇ ਬੋਲਣ ਵਿੱਚ ਅਸਮੱਰਥ ਵਿਅਕਤੀਆਂ ਨੂੰ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਹੋਵੇਗੀ ਅਤੇ ਰਾਜ ਸਰਕਾਰ ਦੇ ਵਿਕਾਸ ਵਿੱਚ ਪੂਰੀ ਤਰ੍ਹਾਂ ਭਾਗੀਦਾਰ ਬਣਾਇਆ ਜਾ ਸਕੇਗਾ।

FacebookTwitterEmailWhatsAppTelegramShare
Exit mobile version