ਰੰਧਾਵਾ ਨੇ ਕਿਹਾ- ਹੰਕਾਰ ਵਿੱਚ ਲਏ ਅਜਿਹੇ ਫ਼ੈਸਲਿਆਂ ਦੇ ਸਿਆਸੀ ਨਤੀਜੇ ਸਰਕਾਰ ਨੂੰ ਪੈਣਗੇ ਭੁਗਤਣੇ
ਚੰਡੀਗੜ੍ਹ, 29 ਅਗਸਤ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦਮਨਕਾਰੀ ਕਾਰਵਾਈ ਲੋਕਤੰਤਰੀ ਹੱਕਾਂ ‘ਤੇ ਹਮਲਾ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੁਲਾਜ਼ਮਾਂ ਨੂੰ ਡਰਾਉਣ, ਧਮਕਾਉਣ ਜਾਂ ਉਨ੍ਹਾਂ ‘ਤੇ ਕਾਰਵਾਈ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਕਾਂਗਰਸ ਸੜਕ ਤੋਂ ਲੈ ਕੇ ਸਦਨ ਤੱਕ ਮੁਲਾਜ਼ਮਾਂ ਦੇ ਨਾਲ ਡੱਟ ਕੇ ਖੜ੍ਹੀ ਹੋਵੇਗੀ।
ਰੰਧਾਵਾ ਨੇ ਕਿਹਾ ਕਿ ਵਿਰੋਧ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਕ ਅਤੇ ਲੋਕਤੰਤਰੀ ਹੱਕ ਹੈ। ਸਰਕਾਰ ਦਾ ਕੰਮ ਸਮੱਸਿਆਵਾਂ ਦਾ ਹੱਲ ਕਰਨਾ ਹੈ, ਨਾ ਕਿ ਮੁਲਾਜ਼ਮਾਂ ਨੂੰ ਧਮਕਾ ਕੇ ਉਨ੍ਹਾਂ ਦੀ ਆਵਾਜ਼ ਦਬਾਉਣਾ। ਉਨ੍ਹਾਂ ਕਿਹਾ ਕਿ ਹੰਕਾਰ ਵਿੱਚ ਲਏ ਅਜਿਹੇ ਫ਼ੈਸਲਿਆਂ ਦੇ ਸਿਆਸੀ ਨਤੀਜੇ ਵੀ ਸਰਕਾਰ ਨੂੰ ਭੁਗਤਣੇ ਪੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੜਾਈ ਕਿਸੇ ਇਕ ਵਿਅਕਤੀ ਦੇ ਖ਼ਿਲਾਫ਼ ਨਹੀਂ, ਸਗੋਂ ਪੰਜਾਬ ਨੂੰ ਕਰਜ਼ੇ, ਨਸ਼ੇ, ਬੇਰੁਜ਼ਗਾਰੀ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਤੋਂ ਬਾਹਰ ਕੱਢਣ ਲਈ ਹੈ ਅਤੇ ਇਹ ਸੰਘਰਸ਼ ਪੂਰੀ ਤਾਕਤ ਨਾਲ ਜਾਰੀ ਰਹੇਗਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ। ਹੁਣ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਰਕਾਰ ਨੇ ਸੜਕਾਂ ‘ਤੇ ਉਤਰਣ ਲਈ ਮਜਬੂਰ ਕਰ ਦਿੱਤਾ ਹੈ। ਮੁਲਾਜ਼ਮ ਹੁਣ ਆਰ-ਪਾਰ ਦੀ ਲੜਾਈ ਲਈ ਤਿਆਰ ਹੋ ਚੁੱਕੇ ਹਨ।

