ਪੇਪਰ ਲੀਕ ਤੇ ਵਿਗੜ ਰਹੀ ਅਮਨ-ਕਾਨੂੰਨ ਹਾਲਤ ਖ਼ਿਲਾਫ਼ ਯੂਥ ਕਾਂਗਰਸ ਦੀ ਗੁਰਦਾਸਪੁਰ ਵਿੱਚ ਮਹਾਰੈਲੀ

ਕੇਂਦਰ ਸਰਕਾਰ ਦੀਆਂ ਘਟੀਆ ਚਾਲਾਂ ਤੋਂ ਰਾਹੁਲ ਗਾਂਧੀ ਨਹੀਂ ਡਰਨਗੇ-ਉਦੈ ਭਾਨੂ ਚਿੱਬ

ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ ਦੀਆਂ ਲਗਾਤਾਰ ਆ ਰਹੀਆਂ ਕਾਲਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਲੋਕ ਪਰੇਸ਼ਾਨ-ਵਿਧਾਇਕ ਪਾਹੜਾ

ਗੁਰਦਾਸਪੁਰ, 31 ਅਗਸਤ 2026 (ਮੰਨਨ ਸੈਣੀ) ।ਪੰਜਾਬ ਯੂਥ ਕਾਂਗਰਸ ਨੇ ਪੇਪਰ ਲੀਕ ਅਤੇ ਸੂਬੇ ਵਿੱਚ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਨ ਲਈ ਗੁਰਦਾਸਪੁਰ ਵਿੱਚ ਮਹਾਰੈਲੀ ਦਾ ਆਯੋਜਨ ਕੀਤਾ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੇਪਰ ਲੀਕ ਮਾਮਲਿਆਂ ‘ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

ਰੈਲੀ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਦੀਨਾਨਗਰ ਹਲਕੇ ਦੀ ਵਿਧਾਇਕਾ ਅਰੁਣਾ ਚੌਧਰੀ, ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਵ ਸ਼ਰਮਾ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ।

ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਕਾਂਗਰਸੀ ਆਗੂਆਂ ਨੇ ਪੰਜਾਬ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਰਸਤੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਆਮਦ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਆਗੂਆਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਬਜਾਏ ਸਰਹੱਦ ਦੇ ਰਸਤੇ ਹੋ ਰਹੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਸਰਦਾਰ ਕਦਮ ਚੁੱਕਣੇ ਚਾਹੀਦੇ ਹਨ।

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ ਦੀਆਂ ਲਗਾਤਾਰ ਆ ਰਹੀਆਂ ਕਾਲਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਲੋਕ ਪਰੇਸ਼ਾਨ ਹਨ। ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ ਅਤੇ ਸਰਕਾਰ ਨੂੰ ਕਾਨੂੰਨ-ਵਿਵਸਥਾ ਦੀ ਹਾਲਤ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਪੇਪਰ ਲੀਕ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸਖ਼ਤ ਮਿਹਨਤ ਕਰਕੇ ਬੱਚਿਆਂ ਨੇ ਨੀਟ ਦੀ ਤਿਆਰੀ ਕੀਤੀ ਸੀ, ਪਰ ਬਾਅਦ ਵਿੱਚ ਇਸ ਨੂੰ ਲੀਕ ਕਰ ਦਿੱਤਾ ਗਿਆ, ਜਿਸ ਨਾਲ ਬੱਚਿਆਂ ਦਾ ਭਵਿੱਖ ਦਾਅ ‘ਤੇ ਲੱਗ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੇਸ਼ ਦੇ ਲੋਕ ਦੁਖੀ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਨਾਖੁਸ਼ ਹਨ। ਇਹ ਸਰਕਾਰ ਆਪਣੇ ਕੀਤੇ ਵਾਅਦਿਆਂ ‘ਤੇ ਖਰੀ ਨਹੀਂ ਉਤਰ ਸਕੀ ਹੈ। ਲੋਕ ਇਸ ਸਰਕਾਰ ਨੂੰ ਸੱਤਾ ਤੋਂ ਲਾਹੁਣ ਲਈ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ।

ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਨੇ ਦਾਅਵਾ ਕੀਤਾ ਕਿ ਭਾਜਪਾ ਦਲਿਤਾਂ ਨੂੰ ਅਸ਼ੁੱਧ ਮੰਨਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਗ਼ਲਤ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਖ਼ਿਲਾਫ਼ ਐਫਆਈਆਰ ਦਰਜ ਹੋਣੀ ਚਾਹੀਦੀ ਹੈ ਕਿਉਂਕਿ ਉਹ ਦਲਿਤਾਂ ਦੇ ਖ਼ਿਲਾਫ਼ ਹਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਮਨਦੀਪ ਸਿੰਘ, ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਮਹਾਸਕੱਤਰ ਪੰਜਾਬ ਹਿਮਾਂਸ਼ੂ ਗੁਸਾਈਂ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਰਿਆੜ, ਪੰਮੀ ਪਠਾਨੀਆ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਠਾਨਕੋਟ ਆਦਿ ਹਾਜ਼ਰ ਸਨ।

Exit mobile version