ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ 2025 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲਗਭਗ 12,000 ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਹੁਣ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਦੇ ਖੇਤਰ ਦਾ ਬਜਟ ਕਰੀਬ 57 ਫੀਸਦ ਵਧਾਇਆ ਗਿਆ ਸੀ।
ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਨਹੀਂ ਉਨ੍ਹਾਂ ਦੀ ਸਰਕਾਰ ਵੱਲੋਂ ਆਮ ਘਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਵਿੱਚ ਲਗਭਗ 20,000 ਅਧਿਆਪਕ ਭਰਤੀ ਕੀਤੇ ਗਏ ਹਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਾਹੀਂ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 200 ਦੇ ਲਗਭਗ ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕੀਤਾ ਹੈ ਜੋ ਇੱਕ ਵੱਖਰੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧੇ ਲਈ ਮਾਨ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਸ਼ੁਰੂ ਕੀਤੇ ਗਏ ਹਨ ਜਿੱਥੇ ਹਰ ਸਟਰੀਮ ਵਿੱਚ ਚੰਗੇ ਵਿਦਿਆਰਥੀ ਪੈਦਾ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਹੁਣ ਵਿਸ਼ਿਆਂ ‘ਤੇ ਆਧਾਰਤ ਲੈਬਜ਼, ਐਜੂਕੇਸ਼ਨਲ ਪਾਰਕ, ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਪਖਾਨੇ, ਬੱਸਾਂ ਦੀ ਵਿਵਸਥਾ, ਸੁਰੱਖਿਆ ਗਾਰਡ, ਚੌਂਕੀਦਾਰ, ਸਫਾਈ ਸੇਵਕ ਆਦਿ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਗਈ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਕੰਮਲ ਖਾਤਮੇ ਦੇ ਨਾਲ ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਾਕਿਸਤਾਨ ਦੀ ਸਰਹੱਦ ਨਾਲ ਨਸ਼ੇ ਦੀ ਤਸਕਰੀ ਦੀ ਸਮੱਸਿਆ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਅਤੇ ਪੰਜਾਬ ਹੋਮ ਗਾਰਡ ਵਿੱਚ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ।