ਰਮਨ ਬਹਿਲ ਦੀ ਅਗਵਾਈ ’ਚ ‘ਮਿਸ਼ਨ ਕਲੀਨ ਪੰਜਾਬ’ ਨੇ ਫੜੀ ਰਫ਼ਤਾਰ, ਕਾਲਜ ਰੋਡ ’ਤੇ ਚੱਲੀ ਸਫ਼ਾਈ ਮੁਹਿੰਮ

ਬਹਿਲ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਗੁਰਦਾਸਪੁਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਵਿੱਚ ਸਹਿਯੋਗ ਦੀ ਕੀਤੀ ਅਪੀਲ

ਗੁਰਦਾਸਪੁਰ, 3 ਸਤੰਬਰ 2026 (ਮੰਨਨ ਸੈਣੀ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀ ਅਗਵਾਈ ਹੇਠ ‘ਮਿਸ਼ਨ ਕਲੀਨ ਪੰਜਾਬ’ ਤਹਿਤ ਗੁਰਦਾਸਪੁਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਵੀਰਵਾਰ ਨੂੰ ਕਾਲਜ ਰੋਡ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇਲਾਕੇ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਫ਼-ਸੁਥਰੇ ਅਤੇ ਹਰਿਆਵਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਫਰਜ਼ ਹੈ।

ਬਹਿਲ ਨੇ ਕਿਹਾ ਕਿ ਸਫ਼ਾਈ ਨੂੰ ਸਿਰਫ਼ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਇਸ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਆਪਣੇ ਘਰਾਂ, ਦੁਕਾਨਾਂ ਤੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਨੂੰ ਹੋਰ ਸੁੰਦਰ, ਸਾਫ਼ ਅਤੇ ਹਰਿਆ-ਭਰਿਆ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਫ਼ਾਈ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਅਸਲ ਲਾਭ ਤਾਂ ਹੀ ਮਿਲ ਸਕਦਾ ਹੈ, ਜਦੋਂ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੂੜਾ ਖੁੱਲ੍ਹੇ ਵਿੱਚ ਸੁੱਟਣ ਤੋਂ ਪਰਹੇਜ਼ ਕਰਨ।

ਰਮਨ ਬਹਿਲ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮਕਸਦ ਸਿਰਫ਼ ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਨਾ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਗੁਰਦਾਸਪੁਰ ਨੂੰ ਇੱਕ ਸਾਫ਼-ਸੁਥਰੇ ਅਤੇ ਬਿਹਤਰ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ।

Exit mobile version