ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ ਚਰਚਾ ਕੀਤੀ
ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਾਰੇ ਵੀ ਵਿਚਾਰਾਂ ਹੋਈਆਂ
ਗੁਰਦਾਸਪੁਰ, 10 ਅਪ੍ਰੈਲ 2025 ( ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜ਼ਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਾਰੇ ਵੀ ਵਿਚਾਰਾਂ ਕੀਤੀਆਂ। ਸ. ਸੇਖਵਾਂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਭਵਿੱਖ, ਸਿੱਖਿਆ ਸੰਸਕਾਰਾਂ ਅਤੇ ਸਾਫ਼ ਸਿਆਸਤ ਦੇ ਮਹੱਤਵ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਭਾਰਤ ਲਈ ਰਾਸ਼ਟਰੀ ਦ੍ਰਿਸ਼ਟੀ ਅਤੇ ਖ਼ਾਸ ਤੌਰ ’ਤੇ ਪੰਜਾਬ ਲਈ ਉਨ੍ਹਾਂ ਦੀ ਸੋਚ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਹੈ।
ਮੀਟਿੰਗ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅਤੇ ਖਾਸ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਮੁੱਦੇ ਵਿਚਾਰੇ ਗਏ। ਇਸ ਮੌਕੇ ਸ. ਸੇਖਵਾਂ ਨੇ ਪਿੰਡ ਡੱਲਾ ਗੋਰੀਆਂ ਵਿਖੇ ਬਣ ਰਹੇ ਸੈਨਿਕ ਸਕੂਲ, ਕਾਦੀਆਂ ਅਤੇ ਧਾਰੀਵਾਲ ਸ਼ਹਿਰਾਂ ਵਿੱਚ ਸੀਵਰੇਜ ਸਪਲਾਈ ਪਾਉਣ, ਧਾਰੀਵਾਲ ਵੂਲਨ ਮਿੱਲ ਨੂੰ ਮੁੜ ਸ਼ੁਰੂ ਕਰਨ, ਕਲਾਨੌਰ ਵਿਖੇ ਗੰਨਾ ਰਿਸਚਰ ਇੰਸਟੀਚਿਊਟ ਅਤੇ ਦੀਨਾਨਗਰ ਵਿਖੇ ਲੀਚੀ ਰਿਸਰਚ ਅਤੇ ਪ੍ਰੋਸੈਸਿੰਗ ਯੂਨਿਟ ਲਗਾਉਣ, ਅਚਲੇਸ਼ਵਰ ਧਾਮ ਦੇ ਸੁੰਦਰੀਕਰਨ ਪ੍ਰੋਜੈਕਟ, ਬਟਾਲਾ ਸਨਅਤ ਦੀ ਮੁੜ-ਸੁਰਜੀਤੀ ਅਤੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਸਮਰੱਥਾ ਵਧਾਉਣ ਬਾਰੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਜਾ ਰਹੀਆਂ ਗਰੰਟੀਆਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਰਾਜ ਦੇ ਲੋਕ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਦਾ ਅਧਾਰ ਹੋਰ ਵੀ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੂੰ ਅਸ਼ੀਰਵਾਦ ਤੇ ਥਾਪੜਾ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਪੂਰੀ ਮਿਹਨਤ ਤੇ ਤਨਦੇਹੀ ਨਾਲ ਕਰਨ। ਇਸ ਮੌਕੇ ਉਨ੍ਹਾਂ ਸਵਰਗੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸੰਘਰਸ਼ ਵਿੱਚੋਂ ਨਿਕਲੀ ਪਾਰਟੀ ਹੈ ਅਤੇ ਲੋਕ ਸੇਵਾ ਹੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
